ਨਗਰ ਪੰਚਾਇਤ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਨਗਰ ਪੰਚਾਇਤ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ
Publish Date: Sat, 26 Sep 2026 04:40 PM (IST)
Updated Date: Sun, 27 Sep 2026 04:03 AM (IST)
ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ ਨਗਰ ਪੰਚਾਇਤ ਅਮਰਗੜ੍ਹ ਵੱਲੋਂ ‘ਹਰ ਮਨੁੱਖ ਲਾਵੇ ਇੱਕ ਰੁੱਖ’ ਦੇ ਨਾਅਰੇ ਤਹਿਤ ਸ਼ਹਿਰ ਨੂੰ ‘ਕਲੀਨ ਅਮਰਗੜ੍ਹ ਅਤੇ ਗ੍ਰੀਨ ਅਮਰਗੜ੍ਹ’ ਬਣਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਬ੍ਰੇਨਟਰੀ ਵਰਲਡ ਸਕੂਲ ਅਮਰਗੜ੍ਹ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਬੂਟੇ ਵੰਡ ਕਰਦਿਆਂ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਅਮਰਗੜ੍ਹ ਦੇ ਪ੍ਰਧਾਨ ਰੁਚਿਕਾ ਕੌੜਾ ਦੇ ਪਤੀ ਅਤੇ ਸਮਾਜ ਸੇਵਕ ਦੀਪਕ ਕੌੜਾ ਦੀਪਾ ਨੇ ਕਿਹਾ ਕਿ ਉਹ ਬ੍ਰੇਨਟਰੀ ਸਕੂਲ ਦੀ ਸਮੁੱਚੀ ਮੈਨੇਜਮੈਂਟ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਅਮਰਗੜ੍ਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਇਸ ਉਪਰਾਲੇ ਵਿੱਚ ਸਹਿਯੋਗ ਦਿੱਤਾ। ਉਨ੍ਹਾਂ ਅਮਰਗੜ੍ਹ ਸ਼ਹਿਰ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ। ਬ੍ਰੇਨਟਰੀ ਵਰਲਡ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸਕੂਲ ਦੇ ਚੇਅਰਮੈਨ ਆਰਪੀ ਗੋਇਲ ਨੇ ਕਿਹਾ ਕਿ ਸਕੂਲ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਬਲਕਿ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਨਗਰ ਪੰਚਾਇਤ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।