ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਮੀਨਾਂ ਦੇ ਭਾਅ ਨਾ ਮਿਲਣ ’ਤੇ ਕਿਸਾਨਾਂ ਦਾ ਰੋਸ
ਭਾਰਤ ਮਾਲਾ ਪ੍ਰੋਜੈਕਟ ਤਹਿਤ ਜ਼ਮੀਨਾਂ ਦੇ ਭਾਅ ਨਾ ਮਿਲਣ ’ਤੇ ਕਿਸਾਨਾਂ ਦਾ ਰੋਸ, ਹਾਈਵੇ ਦਾ ਕੰਮ ਰੋਕਣ ਦੀ ਚੇਤਾਵਨੀ
Publish Date: Thu, 19 Mar 2026 06:34 PM (IST)
Updated Date: Fri, 20 Mar 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਹਿਲਕਲਾਂ : ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੇ ਬਠਿੰਡਾ-ਲੁਧਿਆਣਾ ਗ੍ਰੀਨ ਫੀਲਡ ਹਾਈਵੇ ਲਈ ਜ਼ਮੀਨਾਂ ਦੇ ਮੁਆਵਜ਼ੇ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ’ਚ ਰੋਸ ਵਧਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਜ਼ਮੀਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ 12 ਪਿੰਡਾਂ ਦੇ ਕਿਸਾਨਾਂ ਦੀ ਅਹਿਮ ਮੀਟਿੰਗ ਪਿੰਡ ਗਹਿਲ ਦੇ ਗੁਰਦੁਆਰਾ ਭਗਤੂਆਣਾ ਸਾਹਿਬ ਵਿਖੇ ਹੋਈ, ਜਿਸ ’ਚ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਉੱਪਰ ਵਾਅਦਾ ਖ਼ਿਲਾਫੀ ਦੇ ਦੋਸ਼ ਲਗਾਉਂਦਿਆਂ ਆਪਣੇ ਸੰਘਰਸ਼ ਨੂੰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਮੀਟਿੰਗ ਦੌਰਾਨ ਸੰਘਰਸ਼ ਕਮੇਟੀ ਦੇ ਆਗੂ ਕੁਲਵੰਤ ਸਿੰਘ ਗਹਿਲ ਅਤੇ ਜੱਗਾ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਡੀਸੀ, ਮਾਲ ਅਧਿਕਾਰੀ ਤੇ ਹੋਰ ਸੰਬੰਧਿਤ ਅਧਿਕਾਰੀਆਂ ਵੱਲੋਂ ਪਹਿਲਾਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜ਼ਮੀਨਾਂ ਦਾ ਮੁਆਵਜ਼ਾ ਲੁਧਿਆਣਾ ਜ਼ਿਲ੍ਹੇ ਦੇ ਰੇਟਾਂ ਦੇ ਅਨੁਸਾਰ ਦਿੱਤਾ ਜਾਵੇਗਾ, ਪਰ ਇਸ ਮਾਮਲੇ ’ਚ ਲੰਬੇ ਸਮੇਂ ਤੋਂ ਟਾਲਮਟੋਲ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ’ਚ ਬਰਨਾਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਲੁਧਿਆਣਾ ਜ਼ਿਲ੍ਹੇ ਦੇ ਬਰਾਬਰ ਜ਼ਮੀਨ ਦਾ ਰੇਟ ਦੇਣਾ, ਪਹਿਲਾਂ ਐਵਾਰਡ ਕੀਤੀ ਗਈ ਦੋਫਾੜ ਰਕਮ ਜਾਰੀ ਕਰਨਾ ਅਤੇ ਬਕਾਇਆ ਮੁਆਵਜ਼ਾ ਤੁਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਉਣਾ ਸ਼ਾਮਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਇਹ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ, ਜਿਸ ਨਾਲ ਪ੍ਰਸ਼ਾਸਨ ਦੀ ਲਾਰਾ ਲਾਊ ਨੀਤੀ ਬੇਨਕਾਬ ਹੋ ਗਈ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਬਰਨਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਹਾਈਵੇ ਦਾ ਚੱਲ ਰਿਹਾ ਕੰਮ ਪੂਰੀ ਤਰ੍ਹਾਂ ਰੋਕ ਦਿੱਤਾ ਜਾਵੇਗਾ ਅਤੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਸੰਜੇ ਸ਼ਰਮਾ, ਭਗਵੰਤ ਸਿੰਘ, ਦਵਿੰਦਰ ਸਿੰਘ, ਪਾਲ ਸਿੰਘ, ਗੁਰਪ੍ਰੀਤ ਸਿੰਘ, ਊਧਮ ਸਿੰਘ, ਮੇਲਾ ਸਿੰਘ, ਧਰਮਿੰਦਰ ਸਿੰਘ, ਰਾਜਵਿੰਦਰ ਸਿੰਘ, ਜਗਸੀਰ ਸਿੰਘ, ਪਰਮਜੀਤ ਸਿੰਘ, ਸਰਬਾ ਸਿੰਘ ਸਮੇਤ ਹੋਰ ਕਿਸਾਨ ਮੌਜੂਦ ਸਨ।