- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਨਐਚਐਮ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਬਿਗੁਲ

ਸਟਾਫ ਰਿਪੋਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਤੇਜ਼ ਕਰਦਿਆਂ ਸੋਮਵਾਰ ਨੂੰ ਸਿਵਲ ਸਰਜਨ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਸਿਵਲ ਸਰਜਨ ਰਾਹੀਂ ਸਰਕਾਰ ਨੂੰ ਮੰਗ ਪੱਤਰ ਸੌਂਪਿਆ।
ਜ਼ਿਲ੍ਹਾ ਆਗੂ ਵਿਕਰਮਜੀਤ ਸਿੰਘ ਅਤੇ ਰਣਧੀਰ ਸਿੰਘ ਨੇ ਦੱਸਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 1 ਅਕਤੂਬਰ ਨੂੰ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਉਪਰੰਤ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਐੱਨਐੱਚਐੱਮ ਮੁਲਾਜ਼ਮਾਂ ਸਮੇਤ ਹੋਰ ਸਿਹਤ ਜਥੇਬੰਦੀਆਂ ਦੇ ਮੈਂਬਰ ਸ਼ਾਮਲ ਹੋਣਗੇ।
ਆਗੂਆਂ ਨੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਲਾਗੂ ਕਰਨ, ਤਨਖਾਹਾਂ ਵਿੱਚ ਵਾਜਬ ਵਾਧਾ ਕਰਨ, ਲੰਬਿਤ ਮਸਲੇ ਹੱਲ ਕਰਨ ਅਤੇ ਪਿਛਲੀਆਂ ਮੀਟਿੰਗਾਂ ਵਿੱਚ ਕੀਤੇ ਫ਼ੈਸਲਿਆਂ ਨੂੰ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਐਨਐਚਐਮ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਥਾਈ ਹੱਲ ਕੀਤਾ ਜਾਵੇ।
ਧਨਵੀਰ ਕੌਰ ਅਤੇ ਡਾ. ਸਹਿਨਾਜ਼ ਨੇ ਕਿਹਾ ਕਿ ਜੇ ਸਰਕਾਰ ਨੇ ਮੰਗਾਂ ਦੇ ਹੱਲ ਲਈ ਠੋਸ ਕਦਮ ਨਾ ਚੁੱਕੇ ਤਾਂ 9 ਅਕਤੂਬਰ ਦੀ ਮਹਾ ਰੈਲੀ ਤੋਂ ਬਾਅਦ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਐਨਐਚਐਮ ਮੁਲਾਜ਼ਮ ਹਾਜ਼ਰ ਸਨ।