
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਨਐਚਐਮ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਐੱਨਐੱਚਐੱਮ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਹੜਤਾਲ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਸਰਕਾਰੀ ਹਸਪਤਾਲ ਮਾਲੇਰਕੋਟਲਾ ਦੇ ਸਾਹਮਣੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕੀਤੀ।
ਇਸ ਮੌਕੇ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਦੇ ਦਰਵਾਜ਼ੇ ’ਤੇ ਦਸਤਕ ਦੇ ਰਹੇ ਹਨ, ਪਰ ਵਾਰ-ਵਾਰ ਮੀਟਿੰਗਾਂ ਦੇ ਬਾਵਜੂਦ ਮਸਲਿਆਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਸਰਕਾਰ ਵੱਲੋਂ ਵੱਖ-ਵੱਖ ਪ੍ਰਚਾਰ ਮੁਹਿੰਮਾਂ ਅਤੇ ਯੋਜਨਾਵਾਂ ’ਤੇ ਵੱਡੀ ਰਕਮ ਖ਼ਰਚ ਕੀਤੀ ਜਾ ਰਹੀ ਹੈ, ਜਦਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਦੀ ਮੰਗ ਆਉਣ ’ਤੇ ਖ਼ਜ਼ਾਨਾ ਖਾਲੀ ਹੋਣ ਦਾ ਹਵਾਲਾ ਦਿੱਤਾ ਜਾਂਦਾ ਹੈ।
ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਲਸ਼ਨ ਸ਼ਰਮਾ ਫ਼ਰੀਦਕੋਟ ਅਤੇ ਜਨਰਲ ਸਕੱਤਰ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਯੂਨੀਅਨ ਵੱਲੋਂ ਸਰਕਾਰ ਨਾਲ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ 50 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਇਸ ਦੇ ਬਾਵਜੂਦ ਠੇਕੇ ’ਤੇ ਸੇਵਾਵਾਂ ਨਿਭਾਅ ਰਹੇ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸੇ ਕਾਰਨ ਯੂਨੀਅਨ ਨੇ 17 ਤੋਂ 24 ਅਗਸਤ ਤੱਕ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਤਨਖ਼ਾਹਾਂ ਵਿੱਚ ਸਨਮਾਨਜਨਕ ਵਾਧਾ, ਗ੍ਰੈਚੁਟੀ ਅਤੇ ਰਿਟਾਇਰਮੈਂਟ ਦੀ ਉਮਰ ਹੱਦ ਵਿੱਚ ਵਾਧਾ ਆਦਿ ਸ਼ਾਮਲ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਸਬੰਧੀ ਜਲਦ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਜ਼ਿਲ੍ਹਾ ਆਗੂ ਰਘਵੀਰ ਸਿੰਘ, ਵਿਕਰਮਜੀਤ ਸਿੰਘ ਅਤੇ ਰਣਧੀਰ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਤਾਂ ਯੂਨੀਅਨ ਵੱਲੋਂ ਸਰਕਾਰ ਦਾ ਹਰ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੇ ਨਾਲ ਚੰਡੀਗੜ੍ਹ ਵਿਖੇ ਸਰਕਾਰੀ ਦਫ਼ਤਰਾਂ ਦੇ ਘਿਰਾਓ ਦਾ ਪ੍ਰੋਗਰਾਮ ਵੀ ਉਲੀਕਿਆ ਜਾ ਸਕਦਾ ਹੈ।
ਇਸ ਮੌਕੇ ਸੁਖਵਿੰਦਰ ਸਿੰਘ ਡੀਐੱਸਓ, ਅਮਨਪ੍ਰੀਤ ਕੌਰ ਸੀਐੱਚਓ, ਡਾ. ਯਮਸ਼ੀ ਅਖ਼ਤਰ ਅਤੇ ਜਸਪ੍ਰੀਤ ਕੌਰ ਸੀਐੱਚਓ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁੜ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਮੁਲਾਜ਼ਮਾਂ ਨੂੰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ ਡਾ. ਮੁਨੀਰ, ਮੁਹੰਮਦ ਰਫ਼ੀਕ, ਜਸਕੀਰਤ ਸਿੰਘ, ਸੁਹਾਵਾ ਸਿੰਘ, ਡਾ. ਕਮਲਪ੍ਰੀਤ, ਲਖਵਿੰਦਰ ਸਿੰਘ, ਨਗੀਨਾ ਅਤੇ ਨੀਰੂ ਗਰਗ ਹਾਜ਼ਰ ਸਨ।