ਤੇਲ ਦੀਆਂ ਕੀਮਤਾਂ ’ਚ ਕਟੌਤੀ ਕੇਂਦਰ ਸਰਕਾਰ ਦਾ ਇਤਿਹਾਸਕ ਫੈਸਲਾ : ਨੈਣੇਵਾਲੀਆ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ : ਦਰਸ਼ਨ ਨੈਣੇਵਾਲੀਆ
Publish Date: Tue, 31 Mar 2026 05:15 PM (IST)
Updated Date: Wed, 01 Apr 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤੀ ਗਈ ਹਾਲੀਆ ਕਟੌਤੀ ਦਾ ਜ਼ੋਰਦਾਰ ਸਵਾਗਤ ਕਰਦਿਆਂ ਭਾਜਪਾ ਕਿਸਾਨ ਸੈੱਲ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲੀਆ ਨੇ ਕਿਹਾ ਕਿ ਇਹ ਮੋਦੀ ਸਰਕਾਰ ਦਾ ਇਤਿਹਾਸਿਕ ਫੈਸਲਾ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਕ ਲੋਕ-ਪੱਖੀ ਤੇ ਦਲੇਰਾਨਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਨਾ ਸਿਰਫ਼ ਮਹਿੰਗਾਈ ਨੂੰ ਨੱਥ ਪਵੇਗੀ, ਸਗੋਂ ਆਮ ਆਦਮੀ ਦੀ ਜੇਬ ਨੂੰ ਵੀ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਮੱਧ ਪੂਰਬ (ਮਿਡਲ ਈਸਟ) ਚ ਜਾਰੀ ਤਣਾਅ ਤੇ ਅੰਤਰਰਾਸ਼ਟਰੀ ਸੰਘਰਸ਼ਾਂ ਕਾਰਨ ਦੁਨੀਆ ਭਰ ਦੇ ਬਾਜ਼ਾਰਾਂ ਚ ਕੱਚੇ ਤੇਲ ਦੀਆਂ ਕੀਮਤਾਂ ਚ ਭਾਰੀ ਅਸਥਿਰਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਜਿੱਥੇ ਵਿਸ਼ਵ ਦੀਆਂ ਵੱਡੀਆਂ ਆਰਥਿਕਤਾਵਾਂ ਊਰਜਾ ਸੰਕਟ ਤੇ ਮਹਿੰਗਾਈ ਨਾਲ ਜੂਝ ਰਹੀਆਂ ਹਨ, ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਦੀ ਕੁਸ਼ਲ ਅਗਵਾਈ ਚ ਭਾਰਤ ਸਰਕਾਰ ਨੇ ਬਹੁਤ ਹੀ ਸੰਤੁਲਿਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਸਥਿਤੀ ਨੂੰ ਸੰਭਾਲਿਆ ਹੈ। ਨੈਣੇਵਾਲੀਆਂ ਨੇ ਵਿਰੋਧੀ ਪਾਰਟੀਆਂ ਤੇ ਜੰਮ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਪੈਟਰੋਲ, ਡੀਜ਼ਲ ਤੇ ਗੈਸ ਵਰਗੀਆਂ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਸਬੰਧੀ ਜਨਤਾ ਚ ਬੇਲੋੜਾ ਡਰ ਤੇ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਕਟੌਤੀ ਸਿਰਫ਼ ਇਕ ਆਰਥਿਕ ਰਾਹਤ ਨਹੀਂ ਹੈ, ਸਗੋਂ ਪ੍ਰਧਾਨ ਮੰਤਰੀ ਦਾ ਆਪਣੇ ਦੇਸ਼ ਦੀ ਜਨਤਾ ਪ੍ਰਤੀ ਅਟੁੱਟ ਵਿਸ਼ਵਾਸ ਅਤੇ ਪਿਆਰ ਦਾ ਪ੍ਰਤੀਕ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਤੇ ਭਰੋਸਾ ਬਣਾਈ ਰੱਖਣ ਤੇ ਦੇਸ਼ ਨੂੰ ਮਜ਼ਬੂਤ ਬਣਾਉਣ ’ਚ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਲੋਕ ਭਾਜਪਾ ਨੂੰ ਅੱਗੇ ਲਿਆਉਣ ਲਈ ਉਤਾਵਲੇ ਹਨ।