7 ਸਕੂਲ ਬੱਸਾਂ ਦੇ ਚਲਾਨ ਕੱਟੇ
ਸੇਫ ਸਕੂਲ ਵਾਹਨ ਨੀਤੀ ਤਹਿਤ ਜ਼ਿਲ੍ਹਾ ਬਰਨਾਲਾ ’ਚ ਸਕੂਲ ਬੱਸਾਂ ਦੀ ਚੈਕਿੰਗ
Publish Date: Mon, 16 Mar 2026 03:50 PM (IST)
Updated Date: Tue, 17 Mar 2026 04:01 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਸਰਕਾਰ ਵੱਲੋਂ ਜਾਰੀ ਸੇਫ ਸਕੂਲ ਵਾਹਨ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਤੇ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ’ਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਲਈ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ’ਚ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਇਸ ਦੌਰਾਨ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਅਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ’ਚ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 31 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 7 ਸਕੂਲ ਬੱਸਾਂ ਦੇ ਚਲਾਨ ਕੱਟੇ ਗਏ। ਜਾਂਚ ਸਮੇਂ ਕੁਝ ਬੱਸਾਂ ’ਚ ਅੱਗ ਬੁਝਾਉਣ ਵਾਲਾ ਯੰਤਰ ਮੌਜੂਦ ਨਾ ਹੋਣਾ, ਡਰਾਈਵਰ ਦਾ ਬਿਨਾ ਵਰਦੀ ਹੋਣਾ, ਬੱਸ ’ਤੇ ਸਕੂਲ ਦਾ ਨਾਮ ਸਪਸ਼ਟ ਤੌਰ ’ਤੇ ਦਰਜ ਨਾ ਹੋਣਾ, ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਹੈਲਪਰ ਦੀ ਗੈਰ ਹਾਜ਼ਰੀ ਵਰਗੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਵੱਲੋਂ ਸਬੰਧਤ ਸਕੂਲ ਪ੍ਰਬੰਧਨਾਂ ਨੂੰ 15 ਦਿਨਾਂ ਦੇ ਅੰਦਰ ਸਾਰੀਆਂ ਕਮੀਆਂ ਦੂਰ ਕਰਕੇ ਨਿਯਮਾਂ ਦੀ ਪੂਰੀ ਪਾਲਣਾ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਗੁਰਚਰਨ ਸਿੰਘ (ਏ. ਐਸ. ਆਈ), ਹਰਪ੍ਰੀਤ ਕੌਰ, ਮਨਦੀਪ ਕੌਰ ਤੇ ਸੁਖਚੈਨ ਕੌਰ( ਸੀਨੀਅਰ ਕਾਂਸਟੇਬਲ) ਅਤੇ ਜ਼ਿਲ੍ਹਾ ਬਾਲ ਸਰੁੱਖਿਆ ਦਫ਼ਤਰ ਤੋਂ ਬਲਵਿੰਦਰ ਸਿੰਘ ਤੇ ਮੀਡੀਆ ਸਹਾਇਕ ਮਨਦੀਪ ਕੌਰ ਵੀ ਹਾਜ਼ਰ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਬੱਸਾਂ ਨਾਲ ਸੰਬੰਧਿਤ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਸਕੂਲ ਜਾਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।