ਸੰਵਾਦਦਾਤਾ, ਸੰਗਰੂਰ : ਪੰਜਾਬ ਸਰਕਾਰ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਦੌਰਾਨ ਵਿੱਤ ਮੰਤਰੀ ਕਿਰਪਾਲ ਸਿੰਘ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ, ਮੀਤ ਹੇਅਰ ਤੇ ਇਲਾਕੇ ਦੇ ਵਿਧਾਇਕ ਤੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਦੌਰਾਨ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।

ਤਰੱਕੀ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਅਹੁਦੇ ਦਾ ਇੱਕ ਸਾਲ ਪੂਰਾ ਹੋਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਮੁੱਖ ਮੰਤਰੀ ਨਿਵਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਵਿੱਚ ਪੰਜਾਬ ਸਰਕਾਰ ਨੇ ਰਿਕਾਰਡ ਤੋੜ ਕੰਮ ਕੀਤੇ ਹਨ ਜਦਕਿ ਪਿਛਲੀ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ਦੌਰਾਨ ਹੀ ਕੰਮ ਕਰਦੀ ਨਜ਼ਰ ਆਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਪੰਜਾਬ ਤਰੱਕੀ ਦੀ ਰਾਹ 'ਤੇ ਹੈ।

ਸਰਕਾਰ ਗਰੰਟੀਆਂ ਪੂਰੀਆਂ ਕਰਨ ਵਿੱਚ ਲੱਗੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਵਿਭਾਗਾਂ ਵਿੱਚ ਕੀਤੀਆਂ ਗਈਆਂ ਕਟੌਤੀਆਂ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਗੁਰੇਜ਼ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਤੋਂ ਜੋ ਵੀ ਸੇਵਾ ਲੈਣੀ ਚਾਹੁੰਦੀ ਹੈ, ਉਹ ਉਸ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਗਰੰਟੀਆਂ ਨੂੰ ਪੂਰਾ ਕਰਨ ਵਿੱਚ ਲਗਾਤਾਰ ਲੱਗੀ ਹੋਈ ਹੈ।

Posted By: Sarabjeet Kaur