ਲਹਿਰਾਗਾਗਾ ’ਚ ਕਰਵਾਈ ਓਪੀਡੀ ਦੀ ਸ਼ੁਰੂਆਤ

- ਮੈਡੀਕਲ ਕਾਲਜ ਸ਼ੁਰੂ ਹੋਣ ਨਾਲ ਲਹਿਰਾ ਦੀ ਆਰਥਿਕਤਾ ਨੂੰ ਵੀ ਮਿਲੇਗਾ ਵੱਡਾ ਹੁਲਾਰਾ : ਗੋਇਲ
ਸ਼ੰਭੂ ਗੋਇਲ, ਪੰਜਾਬੀ ਜਾਗਰਣ
ਲਹਿਰਾਗਾਗਾ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓਪੀਡੀ ਅਤੇ ਆਈਪੀਡੀ ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਤੇ ਕਸਬਿਆਂ ਨੂੰ ਲਾਭ ਹੋਵੇਗਾ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿੱਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ। ਇਸ ਉਪਰਾਲੇ ਨਾਲ ਹਲਕੇ ਦੀ ਪਛਾਣ ਹੁਣ ਸੰਗਰੂਰ ਤਕ ਨਹੀਂ ਪੂਰੀ ਦੁਨੀਆ ਵਿੱਚ ਸਥਾਪਤ ਹੋਵੇਗੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਿਹਤ ਸੰਸਥਾ ਨੂੰ ਕਿਸੇ ਵੀ ਰੂਪ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦਾ ਫਰਜ਼ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ, ਇਸੇ ਤਹਿਤ ਜਨਹਿੱਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਦੇ ਇਸ ਖੇਤਰ ਵਿੱਚ ਮਾਹਰ ਡਾਕਟਰਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਕਮੀ ਸੀ ਪਰ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਇਥੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕੀਤਾ। ਇਸ ਸਮੁੱਚੇ ਹਲਕੇ ਦਾ ਵੱਡੇ ਪੱਧਰ ਉੱਤੇ ਆਰਥਿਕ ਵਿਕਾਸ ਹੋਵੇਗਾ ਤੇ ਵੱਡੇ ਪੱਧਰ ਉੱਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਵੱਲੋਂ ਇਸ ਕਮਿਊਨਿਟੀ ਹੈਲਥ ਸੈਂਟਰ ਵਿਖੇ ਸੇਵਾਵਾਂ ਨਿਭਾਉਣ ਵਾਲੇ ਸਪੈਸ਼ਲਿਸਟ ਡਾਕਟਰਾਂ ਦਾ ਸਨਮਾਨ ਵੀ ਕੀਤਾ ਗਿਆ। ਗੋਇਲ ਨੇ ਦੱਸਿਆ ਕਿ ਅਗਲੇ ਸਾਲ ਮੈਡੀਕਲ ਕਾਲਜ ਵਿਖੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ-ਨਾਲ ਐੱਮਡੀ ਅਤੇ ਐੱਮਐੱਸ ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆ। ਕਾਲਜ ਦੀ ਸਥਾਪਨਾ ਅਤੇ ਸੰਚਾਲਨ 100 ਐੱਮਬੀਬੀਐੱਸ ਸੀਟਾਂ ਦੀ ਦਾਖਲਾ ਸਮਰੱਥਾ ਤੇ ਘੱਟੋ-ਘੱਟ 440 ਬਿਸਤਰਿਆਂ ਨਾਲ ਕੀਤਾ ਜਾਵੇਗਾ। ਇਸ ਮੌਕੇ ਜਨਹਿੱਤ ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ. ਰਜਨੀਸ਼ ਜੈਨ, ਐੱਸਡੀਐਮ ਰਾਕੇਸ਼ ਪ੍ਰਕਾਸ਼ ਗਰਗ, ਸਿਵਲ ਸਰਜਨ ਡਾ. ਅਮਰਜੀਤ ਕੌਰ,ਨਗਰ ਕੌਂਸਲ ਪ੍ਰਧਾਨ ਕਾਂਤਾ ਗੋਇਲ, ਮੰਤਰੀ ਦੇ ਸਪੁੱਤਰ ਗੌਰਵ ਗੋਇਲ, ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਓਐੱਸਡੀ ਰਕੇਸ਼ ਕੁਮਾਰ ਗੁਪਤਾ ਆਦਿ ਹਾਜ਼ਰ ਸਨ।