ਬੂਟਾ ਸਿੰਘ ਚੌਹਾਨ, ਸੰਗਰੂਰ : ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਿਫ਼ਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਉਲੰਘਣਾ ਕਰਨ ਵਾਲਿਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਖੇਪਲ ਰੋਡ, ਸੁਨਾਮ ਤੇ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਨੇੜੇ ਰੇਲਵੇ ਰੋਡ, ਧੂਰੀ ਨੂੰ ਓਪਨ ਜੇਲ੍ਹ ਵਜੋਂ ਸਥਾਪਿਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰਿਫ਼ਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਬੰਦ ਕਰਨ ਲਈ ਪੁਲਿਸ ਵੱਲੋਂ ਇਨ੍ਹਾਂ ਥਾਵਾਂ ਨੂੰ ਜੇਲ੍ਹ ਵਜੋਂ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੰਗਰੂਰ ਤੇ ਮਾਲੇਰਕੋਟਲਾ ਵਿਖੇ ਸਥਿਤ ਜੇਲ੍ਹਾਂ ਨੂੰ ਵੀ ਪੁਲਿਸ ਵੱਲੋਂ ਇਸ ਕੰਮ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਵਸਤਾਂ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਦੁਕਾਨਦਾਰਾਂ ਨੂੰ ਜ਼ਰੂਰਤ ਦਾ ਸਾਮਾਨ ਲੋਕਾਂ ਦੇ ਘਰਾਂ ਤੱਕ ਪਹੰੁਚਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।