ਆਸ਼ਾ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
ਆਸ਼ਾ ਵਰਕਰਜ਼ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
Publish Date: Sat, 07 Mar 2026 05:47 PM (IST)
Updated Date: Sun, 08 Mar 2026 04:09 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਦੀ ਅਗਵਾਈ ਹੇਠ, ਆਪਣੀਆਂ ਜਾਇਜ਼ ਮੰਗਾਂ ਲਈ ਡੀਸੀ ਦਫ਼ਤਰ ਬਰਨਾਲਾ ਦੇ ਅੱਗੇ ਰੋਸ ਧਰਨਾ ਦਿੱਤਾ। ਯੂਨੀਅਨ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਵੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਸਾਂਝੇ ਤੌਰ ’ਤੇ ਬੋਲਦਿਆਂ, ਪੰਜਾਬ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਤੇ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰਜ਼ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਤੇ ਪੰਜਾਬ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀਆਂ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਇਸ ਯੁੱਗ ਵਿਚ, ਆਸ਼ਾ ਵਰਕਰਜ਼ ਸਿਰਫ਼ 2,500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਤੇ ਕੁਝ ਇੰਸੇਂਟਿਵ ਦੇ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੂੰ ਮਿੰਨੀਮਮ ਵੇਜ਼ ਅਨੁਸਾਰ 24,000/-ਰੁਪਏ ਤਨਖਾਹ ਤੇ ਦਰਜਾ ਚਾਰ ਦਾ ਗ੍ਰੇਡ ਦਿੱਤਾ ਜਾਵੇ ਅਤੇ ਈਪੀਐੱਫ ਦੀ ਸਹੂਲਤ ਲਾਗੂ ਕੀਤੀ ਜਾਵੇ, ਆਸ਼ਾ ਵਰਕਰਾਂ ਤੇ ਫੈਸਿਲੀਟੇਰਾਂ ਦਾ ਆਨਰੇਰੀਅਮ ਪਰ ਮਹੀਨਾ 2500/-ਰੁਪਏ ਵਿੱਦ ਇੰਕਰੀਮੈਂਟ ਡਬਲ ਕੀਤਾ ਜਾਵੇ ਤੇ ਹਰਿਆਣਾ ਪੈਟਰਨ ਲਾਗੂ ਕੀਤਾ ਜਾਵੇ, ਆਸ਼ਾ ਫੈਸਿਲੀਟੇਟਰਾਂ ਦੇ ਪ੍ਰਤੀ ਮਹੀਨਾ 25 ਟੂਰ ਕੀਤੇ ਜਾਣੇ, ਪਰ ਟੂਰ 500/-ਰੁਪਏ ਦਿੱਤਾ ਜਾਵੇ ਤੇ ਹਰ ਸਾਲ ਟੂਰ ਭੱਤੇ ਵਿਚ ਵਾਧਾ ਕੀਤੇ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮਨਜੀਤ ਕੌਰ, ਜਸਵਿੰਦਰ ਕੌਰ, ਸਿਮਰਜੀਤ ਕੌਰ, ਗੁਰਜੀਤ ਕੌਰ, ਪ੍ਰਵੀਨ ਕੌਰ, ਜਸਵੀਰ ਕੌਰ, ਕਰਮਜੀਤ ਕੌਰ ਅਤੇ ਅਮਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਸ਼ਾ ਵਰਕਰਾਂ ਅਤੇ ਯੂਨੀਅਨ ਮੈਂਬਰਾਂ ਨੇ ਇਸ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।