ਓਐਸਡੀ ਸੋਹੀ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਓਐਸਡੀ ਸੋਹੀ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ
Publish Date: Tue, 22 Sep 2026 03:59 PM (IST)
Updated Date: Wed, 23 Sep 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦਿੜ੍ਹਬਾ : ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹਲਕਾ ਦਿੜ੍ਹਬਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਪਿੰਡ ਜਨਾਲ ਵਿਖੇ ਚੱਲ ਰਹੇ ਸੜਕ ਨਿਰਮਾਣ ਕਾਰਜ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਤਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਦਿੜ੍ਹਬਾ-ਜਨਾਲ ਰੋਡ ਤੋਂ ਕੈਂਪਰ (ਦਿਆਲਗੜ੍ਹ ਕੈਂਪਰ) ਵੱਲ ਜਾਂਦੀ ਡਰੇਨ ਦੀ ਪੱਟੜੀ ’ਤੇ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਲੁੱਕ-ਬੱਜਰੀ ਪਾ ਕੇ ਸੜਕ ਨੂੰ ਪੱਕਾ ਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਰੀਬ ਸਵਾ ਦੋ ਕਿਲੋਮੀਟਰ ਲੰਬੀ ਇਸ ਸੜਕ ਦਾ ਕੰਮ ਆਪਣੇ ਅੰਤਿਮ ਪੜਾਅ ਵਿੱਚ ਹੈ।ਉਨ੍ਹਾਂ ਕਿਹਾ ਕਿ ਇਹ ਸੜਕ ਸਿਰਫ਼ ਇੱਕ ਵਿਕਾਸ ਪ੍ਰੋਜੈਕਟ ਨਹੀਂ, ਸਗੋਂ ਇਸ ਇਲਾਕੇ ਵਿੱਚ ਵਸਦੇ ਪਰਿਵਾਰਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਅਹਿਮ ਲੋੜ ਸੀ। ਡਰੇਨ ਦੀ ਪੱਟੜੀ ਦੇ ਆਲੇ-ਦੁਆਲੇ ਖੇਤਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਘਰ ਅਤੇ ਡੇਰੇ ਹਨ, ਜਿਨ੍ਹਾਂ ਨੂੰ ਇਸ ਰਸਤੇ ਦੇ ਕੱਚਾ ਅਤੇ ਖ਼ਸਤਾਹਾਲ ਹੋਣ ਕਾਰਨ ਰੋਜ਼ਾਨਾ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਮੌਕੇ ’ਤੇ ਮੌਜੂਦ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਦੇ ਨਿਰਮਾਣ ਦੌਰਾਨ ਸਰਕਾਰੀ ਮਾਪਦੰਡਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਮਟੀਰੀਅਲ ਦੀ ਗੁਣਵੱਤਾ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ’ਤੇ ਘਟੀਆ ਸਮੱਗਰੀ ਦੀ ਵਰਤੋਂ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀ ਜਾਂ ਏਜੰਸੀ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗੁਣਵੱਤਾ ਪ੍ਰਤੀ ਸੁਚੇਤ ਰਹਿਣ ਅਤੇ ਜੇਕਰ ਕਿਤੇ ਵੀ ਘਟੀਆ ਮਟੀਰੀਅਲ ਦੀ ਵਰਤੋਂ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਅਜਿਹੀ ਸਮੱਗਰੀ ਨੂੰ ਮੌਕੇ ’ਤੇ ਹੀ ਵਾਪਸ ਭੇਜ ਕੇ ਮਿਆਰੀ ਕੰਮ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ, ਸਬੰਧਤ ਵਿਭਾਗਾਂ ਦੇ ਅਧਿਕਾਰੀ, ਪਿੰਡ ਜਨਾਲ ਸਨ।