- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਰੋਹ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਨੌਜਵਾਨ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਇਨਸਾਫ਼ ਮੋਰਚੇ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ 19 ਅਕਤੂਬਰ ਨੂੰ ਸੁਨਾਮ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ‘ਰੋਸ ਪੱਤਰ’ ਦੇਣ ਦਾ ਐਲਾਨ ਕੀਤਾ ਗਿਆ ਹੈ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਨੌਜਵਾਨ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਇੰਟਰਨੈੱਟ ਮੀਡੀਆ ਤੇ ਵੀਡੀਓ ਸਾਂਝੀ ਕਰਦਿਆਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਜਪ੍ਰਣਾਲੀ ਕਾਰਨ ਹੀ ਪੀੜਤ ਪਰਿਵਾਰ ਅਤੇ ਇਨਸਾਫ਼ ਪਸੰਦ ਲੋਕਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਇਲਾਕੇ ਦੇ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 19 ਅਕਤੂਬਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਰੋਹ ਪ੍ਰਦਰਸ਼ਨ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਨਹੀਂ ਮਿਲਦੀ, ਤਦ ਤੱਕ ਇਨਸਾਫ਼ ਮੋਰਚਾ ਆਪਣਾ ਸੰਘਰਸ਼ ਜਾਰੀ ਰੱਖੇਗਾ।