ਸੜਕ ਹਾਦਸਿਆਂ ਦਾ ਸਬੱਬ ਬਣ ਰਹੇ ਨੇ ਓਵਰਲੋਡ ਵਾਹਨ ਸੜਕ ਹਾਦਸਿਆਂ ਦਾ ਸਬੱਬ ਬਣ ਰਹੇ ਓਵਰਲੋਡ ਵਾਹਨ
Publish Date: Wed, 08 Jul 2026 04:12 PM (IST)
Updated Date: Wed, 08 Jul 2026 04:15 PM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ ਮਾਲੇਰਕੋਟਲਾ : ਇਲਾਕੇ ਦੀਆਂ ਲਿੰਕ ਸੜਕਾਂ ਅਤੇ ਹਾਈਵੇਅ ’ਤੇ ਬਿਨਾਂ ਕਿਸੇ ਰੋਕ-ਟੋਕ ਦੇ ਚੱਲ ਰਹੇ ਓਵਰਲੋਡ ਟਰੱਕ, ਟਰਾਲੇ ਅਤੇ ਹੋਰ ਭਾਰੀ ਵਾਹਨ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਵਾਹਨ ਅਕਸਰ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ, ਪਰ ਪ੍ਰਸ਼ਾਸਨ ਵੱਲੋਂ ਇਨ੍ਹਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਲੋਕਾਂ ਦਾ ਕਹਿਣਾ ਹੈ ਕਿ ਭਾਰੀ ਲੋਡ ਕਾਰਨ ਵਾਹਨ ਸੜਕਾਂ ਦੇ ਟੋਇਆਂ ਜਾਂ ਮੋੜਾਂ ’ਤੇ ਅਸੰਤੁਲਿਤ ਹੋ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦੇ ਪਲਟਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਅਜਿਹੇ ਹਾਦਸਿਆਂ ਦੀ ਲਪੇਟ ਵਿੱਚ ਕਈ ਵਾਰ ਛੋਟੇ ਵਾਹਨ, ਰਾਹਗੀਰ ਅਤੇ ਸੜਕ ਕਿਨਾਰੇ ਖੜ੍ਹੇ ਵਾਹਨ ਵੀ ਆ ਜਾਂਦੇ ਹਨ। ਇਸ ਤੋਂ ਇਲਾਵਾ ਓਵਰਲੋਡ ਵਾਹਨਾਂ ਕਾਰਨ ਟ੍ਰੈਫਿਕ ਜਾਮ ਅਤੇ ਹੋਰ ਵਾਹਨਾਂ ਨੂੰ ਓਵਰਟੇਕ ਕਰਨ ਵਿੱਚ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਥਾਨਕ ਵਸਨੀਕਾਂ ਨੇ ਦੋਸ਼ ਲਾਇਆ ਕਿ ਭਾਵੇਂ ਪੁਲਿਸ ਵੱਲੋਂ ਕਈ ਥਾਵਾਂ ’ਤੇ ਨਾਕਾਬੰਦੀ ਕੀਤੀ ਜਾਂਦੀ ਹੈ, ਪਰ ਓਵਰਲੋਡ ਵਾਹਨ ਬਿਨਾਂ ਕਿਸੇ ਰੁਕਾਵਟ ਦੇ ਲੰਘ ਜਾਂਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਵਾਹਨ ਵੱਡੀਆਂ ਫੈਕਟਰੀਆਂ ਤੱਕ ਮਾਲ ਪਹੁੰਚਾਉਂਦੇ ਹਨ ਅਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ। - ਓਵਰਲੋਡ ਵਾਹਨਾਂ ’ਤੇ ਤੁਰੰਤ ਰੋਕ ਲੱਗੇ : ਹਰਦੇਵ ਸਿੰਘ ਜਥੇਦਾਰ ਹਰਦੇਵ ਸਿੰਘ ਪੱਪੂ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ’ਤੇ ਓਵਰਲੋਡ ਵਾਹਨਾਂ ਦੀ ਆਵਾਜਾਈ ਆਮ ਗੱਲ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਨੇੜੇ ਬਣੀਆਂ ਦੁਕਾਨਾਂ ਵਿੱਚ ਹਰ ਸਮੇਂ ਮਿੱਟੀ ਅਤੇ ਧੂੜ ਭਰ ਜਾਂਦੀ ਹੈ, ਜਿਸ ਕਾਰਨ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਓਵਰਲੋਡ ਵਾਹਨਾਂ ’ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਸਿਰਫ਼ ਮਨਜ਼ੂਰਸ਼ੁਦਾ ਲੋਡ ਹੀ ਲਿਜਾਣ ਦੀ ਇਜਾਜ਼ਤ ਦਿੱਤੀ ਜਾਵੇ। - ਓਵਰਲੋਡ ਵਾਹਨ ਲੋਕਾਂ ਲਈ ਬਣੇ ਮੁਸੀਬਤ : ਪੂਰਨ ਸਿੰਘ ਖਾਲਸਾ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਨੇ ਕਿਹਾ ਕਿ ਪਿੰਡਾਂ ਦੀਆਂ ਸੜਕਾਂ ’ਤੇ ਓਵਰਲੋਡ ਵਾਹਨ ਹਰ ਰੋਜ਼ ਦੇਖਣ ਨੂੰ ਮਿਲਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਵਾਹਨ ਬਿਜਲੀ ਦੇ ਖੰਭਿਆਂ ਅਤੇ ਤਾਰਾਂ ਨਾਲ ਟਕਰਾ ਜਾਂਦੇ ਹਨ, ਜਿਸ ਨਾਲ ਬਿਜਲੀ ਸਪਲਾਈ ਪ੍ਰਭਾਵਿਤ ਹੁੰਦੀ ਹੈ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ। ਅੱਗ ਕਾਰਨ ਨੇੜਲੀਆਂ ਫ਼ਸਲਾਂ ਦਾ ਨੁਕਸਾਨ ਹੋਣ ਦੇ ਨਾਲ-ਨਾਲ ਧੂੰਏਂ ਕਾਰਨ ਵੀ ਸੜਕ ਹਾਦਸਿਆਂ ਦਾ ਖ਼ਤਰਾ ਵਧ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।