- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨਾਮ ’ਚ ਝੋਨੇ ਦੀ ਖਰੀਦ ਬੰਦ ਤੇ ਭੜਕੇ ਕਿਸਾਨ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਨੇ ਸ਼ਨਿਚਰਵਾਰ ਨੂੰ ਸੁਨਾਮ ਵਿਖੇ ਮਾਰਕਿਟ ਕਮੇਟੀ ਦੇ ਦਫ਼ਤਰ ਮੂਹਰੇ ਧਰਨਾ ਦੇਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਾਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਦੀ ਕਥਿਤ ਮਿਲੀਭੁਗਤ ਨਾਲ ਸੈਂਲਰਾਂ ਵਿੱਚ ਬਾਹਰੀ ਸੂਬਿਆਂ ਤੋਂ ਘਟੀਆ ਕਿਸਮ ਦਾ ਝੋਨਾ ਲਿਆਕੇ ਸਿੱਧਾ ਸੈਲਰਾਂ ਵਿਚ ਮਿਲਿੰਗ ਲਈ ਲਾਇਆ ਜਾ ਰਿਹਾ ਹੈ ਉਂਝ ਸ਼ੈਲਰ ਐਸੋਸੀਏਸ਼ਨ ਅਜਿਹੇ ਦੋਸ਼ਾਂ ਨੂੰ ਮੁੱਢੋਂ ਨਕਾਰ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੇ ਪ੍ਰਧਾਨ ਯਾਦਵਿੰਦਰ ਸਿੰਘ ਚੱਠੇ ਨਕਟੇ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਦਫਤਰ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਆਗੂ ਜਸਵੰਤ ਸਿੰਘ ਤੋਲਾਵਾਲ , ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸੁਖਪਾਲ ਸਿੰਘ ਮਾਣਕ ਕਣਕਵਾਲ, ਰਾਮ ਸਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇ ਵਾਲਾ, ਜੀਤ ਸਿੰਘ ਗੰਢੂਆਂ, ਬਲਜੀਤ ਸਿੰਘ ਮਾਡਲ ਟਾਊਨ, ਭੋਲਾ ਸਿੰਘ ਗੰਢੂਆਂ, ਕਰਮਜੀਤ ਸਿੰਘ ਛਾਜਲੀ, ਜਗਵੀਰ ਸਿੰਘ, ਗੁਰਤੇਜ ਸਿੰਘ ਮੈਦੇਵਾਸ, ਰਣਦੀਪ ਕੌਰ ਰਟੋਲਾ, ਜਸਵੀਰ ਕੌਰ ਉਗਰਾਹਾਂ, ਸੁਖਵਿੰਦਰ ਕੌਰ ਚੱਠੇ ਅਤੇ ਬਲਜੀਤ ਕੌਰ ਖਡਿਆਲ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਮਿਲਕੇ ਸੰਗਰੂਰ ਜ਼ਿਲ੍ਹੇ ਦੀਆਂ ਲੱਗਭੱਗ 60 ਮੰਡੀਆਂ ਵਿੱਚ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਹੈ।
ਖ਼ਰੀਦ ਬੰਦ ਹੋਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਲਿਆਂਦਾ ਸੁੱਕਾ ਝੋਨਾ ਵੀ ਨਹੀਂ ਖਰੀਦਿਆ ਜਾ ਰਿਹਾ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਦਾ ਟੀਚਾ ਪੂਰਾ ਕਰਨ ਦਾ ਆਖਿਆ ਜਾ ਰਿਹਾ ਹੈ ਜਦਕਿ ਸਚਾਈ ਕੋਹਾਂ ਦੂਰ ਹੈ। ਬਾਹਰੀ ਸੂਬਿਆਂ ਵਿਚੋਂ ਘਟੀਆ ਕੁਆਲਿਟੀ ਦਾ ਝੋਨਾ ਲਿਆਕੇ ਸਿੱਧਾ ਸੈਲਰਾਂ ਵਿਚ ਮਿਲਿੰਗ ਲਈ ਲਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਤੁਰੰਤ ਚਾਲੂ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।