ਸੰਭਾਵੀ ਗੱਠਜੋੜ ਬਾਰੇ ਪਰਮਿੰਦਰ ਸਿੰਘ ਢੀਂਡਸਾ ਦਾ ਅਹਿਮ ਖ਼ੁਲਾਸਾ, ਕਿਹਾ- ਕੋਰ ਕਮੇਟੀ ਹੀ ਲਵੇਗੀ ਅੰਤਿਮ ਫ਼ੈਸਲਾ
ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਸੰਭਾਵੀ ਗੱਠਜੋੜ ਦੀ ਰੂਪ-ਰੇਖਾ ਉਲੀਕਣ ਅਤੇ ਭਵਿੱਖ ਦੀ ਰਣਨੀਤੀ ਬਣਾਉਣ ਲਈ ਮੰਗਲਵਾਰ ਨੂੰ ਸਮਰਾਲਾ ਨੇੜੇ ਗੁਰਦੁਆਰਾ ਰੇਰੂ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਪ੍ਰਮੁੱਖ ਨੁਮਾਇੰਦੇ ਸ਼ਾਮਲ ਹੋਣਗੇ।
Publish Date: Mon, 09 Nov 2026 05:01 PM (IST)
Updated Date: Mon, 09 Nov 2026 05:08 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ। ਪੰਜਾਬ ’ਚ ਇੱਕ ਨਵੇਂ 'ਪੰਥਕ' ਗੱਠਜੋੜ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ 'ਪੁਨਰਸੁਰਜੀਤ ਅਕਾਲੀ ਦਲ', 'ਵਾਰਿਸ ਪੰਜਾਬ ਦੇ' ਅਤੇ 'ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)' ਨਾਲ ਕਿਸੇ ਸੰਭਾਵੀ ਸਮਝੌਤੇ ਜਾਂ ਚੋਣ ਗੱਠਜੋੜ ਬਾਰੇ ਸਕਾਰਾਤਮਕ ਸੰਕੇਤ ਦਿੱਤੇ ਹਨ।
ਸੋਮਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ 'ਪੰਥਕ' ਤਾਕਤਾਂ ਨੂੰ ਇੱਕਜੁੱਟ ਅਤੇ ਮਜ਼ਬੂਤ ਕਰਨ ਲਈ ਇਨ੍ਹਾਂ ਸਮੂਹਾਂ ਨਾਲ ਤਾਲਮੇਲ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਭਵਿੱਖ ਦੀ ਰਣਨੀਤੀ ’ਤੇ ਅੱਜ ਕੀਤਾ ਜਾਵੇਗਾ ਵਿਚਾਰ
ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਸੰਭਾਵੀ ਗੱਠਜੋੜ ਦੀ ਰੂਪ-ਰੇਖਾ ਉਲੀਕਣ ਅਤੇ ਭਵਿੱਖ ਦੀ ਰਣਨੀਤੀ ਬਣਾਉਣ ਲਈ ਮੰਗਲਵਾਰ ਨੂੰ ਸਮਰਾਲਾ ਨੇੜੇ ਗੁਰਦੁਆਰਾ ਰੇਰੂ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਪ੍ਰਮੁੱਖ ਨੁਮਾਇੰਦੇ ਸ਼ਾਮਲ ਹੋਣਗੇ।
ਢੀਂਡਸਾ ਨੇ ਜ਼ੋਰ ਦੇ ਕੇ ਕਿਹਾ ਕਿ ਸੰਭਾਵੀ ਗੱਠਜੋੜ ਦੇ ਹਰ ਪਹਿਲੂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ, ਹਾਲਾਂਕਿ ਕੋਈ ਵੀ ਫੈਸਲਾ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਵੇਗਾ। ਸੀਨੀਅਰ ਆਗੂਆਂ ਨਾਲ ਵਿਚਕਾਰ ਵਿਚਾਰ-ਵਟਾਂਦਰੇ ਤੋਂ ਬਾਅਦ, ਪ੍ਰਸਤਾਵ ਨੂੰ ਕੋਰ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜੋ ਕਿਸੇ ਵੀ ਸਮਝੌਤੇ ਨੂੰ ਅੰਤਿਮ ਮਨਜ਼ੂਰੀ ਦੇਣ ਤੋਂ ਪਹਿਲਾਂ ਉਸ ਦੀ ਡੂੰਘਾਈ ਨਾਲ ਸਮੀਖਿਆ ਕਰੇਗੀ।
ਉਨ੍ਹਾਂ ਆਖਿਆ ਕਿ 'ਪੰਥਕ' ਏਕਤਾ ਨਿੱਜੀ ਹਿੱਤਾਂ ਦੀ ਬਜਾਏ ਸਿਧਾਂਤਾਂ 'ਤੇ ਅਧਾਰਤ ਹੋਣੀ ਚਾਹੀਦੀ ਹੈ 'ਪੰਥਕ' ਏਕਤਾ ਦੀਆਂ ਸ਼ਰਤਾਂ ਸਪੱਸ਼ਟ ਕਰਦਿਆਂ, ਢੀਂਡਸਾ ਨੇ ਦ੍ਰਿੜਤਾ ਨਾਲ ਕਿਹਾ ਕਿ ਅਜਿਹੀ ਏਕਤਾ ਜਿਸ ਦਾ ਉਦੇਸ਼ ਪੰਜਾਬ ਦੀ ਭਲਾਈ ਅਤੇ 'ਪੰਥਕ' ਸ਼ਕਤੀ ਨੂੰ ਮਜ਼ਬੂਤ ਕਰਨਾ ਹੈ। ਨਿੱਜੀ ਹਿੱਤਾਂ ਦੀ ਬਜਾਏ ਸਾਂਝੇ ਸਿਧਾਂਤਾਂ 'ਤੇ ਅਧਾਰਤ ਹੋਣੀ ਚਾਹੀਦੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਆਗੂਆਂ ਨਾਲ ਸਾਂਝ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ, ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਦੀ ਉਲੰਘਣਾ ਕੀਤੀ ਹੈ ਜਾਂ ਜਿਨ੍ਹਾਂ ਨਾਲ ਪਾਰਟੀ ਦੇ ਵਿਚਾਰਧਾਰਕ ਮਤਭੇਦ ਹਨ—ਘੱਟੋ-ਘੱਟ ਉਦੋਂ ਤੱਕ ਤਾਂ ਨਹੀਂ, ਜਦੋਂ ਤੱਕ ਉਹ ਮਤਭੇਦ ਹੱਲ ਨਹੀਂ ਹੋ ਜਾਂਦੇ।
ਪਾਰਟੀ ਛੱਡਣ ਵਾਲਿਆਂ 'ਤੇ ਤਨਜ਼ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਲਦੀ ਹੀ ਆਪਣੀ ਗਲਤੀ ਦਾ ਅਹਿਸਾਸ ਹੋ ਜਾਵੇਗਾ ।
ਢੀਂਡਸਾ ਨੇ ਅਫ਼ਸੋਸ ਪ੍ਰਗਟ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਪੰਥਕ ਸਿਧਾਂਤਾਂ 'ਤੇ ਪਹਿਰਾ ਦੇਣ ਲਈ ਦ੍ਰਿੜ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਛੱਡੀ ਹੈ, ਉਹ ਆਉਣ ਵਾਲੇ ਦੋ-ਤਿੰਨ ਮਹੀਨਿਆਂ ’ਚ ਹੀ ਆਪਣੇ ਲਏ ਗਏ ਫੈਸਲੇ ਦੀ ਅਸਲੀਅਤ ਨੂੰ ਸਮਝ ਜਾਣਗੇ ਅਤੇ ਜਨਤਾ ਦੀ ਅਸਲ ਭਾਵਨਾ ਨੂੰ ਵੀ ਪਛਾਣ ਲੈਣਗੇ। ਇਸ ਮੌਕੇ ਮਾਸਟਰ ਦਲਜੀਤ ਸਿੰਘ, ਕੇਵਲ ਸਿੰਘ ਸੇ਼ੇਰੋਂ, ਜਸਪਾਲ ਸਿੰਘ ਥਿੰਦ, ਕਰਨੈਲ ਸਿੰਘ ਜਿਲੇਦਾਰ , ਬਲਜਿੰਦਰ ਸਿੰਘ ਕਾਕਾ ਠੇਕੇਦਾਰ ਸਮੇਤ ਹੋਰ ਆਗੂ ਹਾਜ਼ਰ ਸਨ।