ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਵਾਰਸ ਪੰਜਾਬ ਵੱਲੋਂ ਰੋਸ ਮਾਰਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਵਾਰਸ ਪੰਜਾਬ ਵੱਲੋਂ ਮਹਿਲ ਕਲਾਂ ’ਚ ਰੋਸ ਮਾਰਚ
Publish Date: Wed, 14 Oct 2026 04:41 PM (IST)
Updated Date: Thu, 15 Oct 2026 04:00 AM (IST)
: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਏ ਸਰਕਾਰ : ਅਵਤਾਰ ਰਾਏਸਰ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਅਵਤਾਰ ਸਿੰਘ ਰਾਏਸਰ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਸੰਘਰਸ਼ਸ਼ੀਲ ਨੌਜਵਾਨ ਤੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕਸਬਾ ਮਹਿਲ ਕਲਾਂ ਦੇ ਬੱਸ ਅੱਡੇ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਕਤਲ ਮਾਮਲੇ ’ਚ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।ਇਸ ਮੌਕੇ ਜਥੇਬੰਦੀ ਦੇ ਆਗੂ ਅਵਤਾਰ ਸਿੰਘ ਰਾਏਸਰ ਤੇ ਇਕਾਈ ਪ੍ਰਧਾਨ ਸਤਨਾਮ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਯਤਨਸ਼ੀਲ ਨੌਜਵਾਨ ਪਰਮਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਤੇ ਚਿੰਤਾਜਨਕ ਘਟਨਾ ਹੈ। ਅਜਿਹੀਆਂ ਘਟਨਾਵਾਂ ਸਮਾਜ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਇਨ੍ਹਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਇਸ ਗੰਭੀਰ ਸਮੱਸਿਆ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਕਰਨਾ ਸਰਕਾਰ ਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ਿਆਂ ਦੇ ਖਾਤਮੇ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਜਨਕ ਸਥਿਤੀ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਜਵਾਬਦੇਹੀ ਤੈਅ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਲਈ ਲੋੜੀਂਦੇ ਕਦਮ ਚੁੱਕਣ। ਅੰਤ ’ਚ ਆਗੂਆਂ ਨੇ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਮੁਖ ਸਿੰਘ ਰਾਏਸਰ, ਮਹਿੰਦਰ ਸਿੰਘ ਮਹਿਲ ਕਲਾਂ ਕਰਨੈਲ ਸਿੰਘ ਰੇਸ਼ਮ ਸਿੰਘ ਚੰਨਣ ਵਾਲਾ ਗੁਰਪ੍ਰੀਤ ਸਿੰਘ ਗਰੇਵਾਲ ਮੇਜਰ ਸਿੰਘ ਮਹਿਲ ਖੁਰਦ ਹਾਜ਼ਰ ਸਨ।