ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਝੋਨੇ ਦੀ ਪਰਾਲੀ ਨੂੰ ਨਸ਼ਟ ਕਰਨ ਲਈ ਹੋਣ ਵਾਲੇ ਖ਼ਰਚੇ ਪ੍ਰਤੀ ਸਰਕਾਰ ਵੱਲੋਂ ਕੋਈ ਕਦਮ ਨਹੀਂ ਉਠਾਇਆ ਜਾ ਰਿਹਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਗੁਰਦੁਆਰਾ ਬੈਰਸੀਆਣਾ ਸਾਹਿਬ ਵਿਖੇ ਦਰਸ਼ਨ ਸਿੰਘ ਸ਼ਾਦੀਹਰੀ ਦੀ ਅਗਵਾਈ ਹੇਠ ਬਲਾਕ ਪੱਧਰੀ ਹੋਈ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਮੰਡੀਆਂ ਵਿਚ ਆ ਚੁੱਕੀ ਹੈ ਅਤੇ ਸਰਕਾਰੀ ਅਧਿਕਾਰੀ ਵੱਧ ਨਮੀ ਦਾ ਬਹਾਨਾ ਲਾ ਕੇ ਖ਼ਰੀਦ ਨਹੀਂ ਕਰ ਰਹੇ। ਜਿਸ ਕਰਕੇ ਕਿਸਾਨਾਂ ਨੂੰ ਪ੍ਰਰੇਸ਼ਾਨ ਹੋਣਾ ਪੈ ਰਿਹਾ ਹੈ। ਪਰਾਲੀ ਨੂੰ ਖੇਤ ਵਿਚ ਅੱਗ ਲਾਏ ਜਾਣ ੳੱੁਤੇ ਉਨ੍ਹਾਂ ਕਿਹਾ ਕਿ ਸਰਕਾਰ ਇਸ ਦਾ ਕੋਈ ਹੱਲ ਨਹੀਂ ਦੇ ਰਹੀ ਜਦੋਂ ਕਿ ਕਿਸਾਨ 200 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕੀਤੀ ਗਈ ਹੈ। ਇਸ ਕਰਕੇ ਪਰਾਲੀ ਖੇਤ 'ਚ ਅੱਗ ਲਾ ਕੇ ਫੂਕਣਾ ਕਿਸਾਨਾਂ ਦੀ ਮਜ਼ਬੂਰੀ ਹੈ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਧਨੇਰ ਦੀ ਰਿਹਾਈ ਤੱਕ ਮੋਰਚਾ ਜਾਰੀ ਰਹੇਗਾ ਅਤੇ 22 ਅਕਤੂਬਰ ਨੂੰ ਸਾਰੇ ਪੰਜਾਬ ਵਿਚ ਨੌਜਵਾਨਾਂ ਵੱਲੋਂ ਮੋਰਚੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਵੀਰ ਸਿੰਘ ਕੌਹਰੀਆਂ, ਗੁਰਮੇਲ ਸਿੰਘ ਕੈਂਪਰ, ਬਲਦੇਵ ਸਿੰਘ ਉਭਿਆ, ਕਰਨੈਲ ਸਿੰਘ ਜਨਾਲ, ਹੁਸ਼ਿਆਰ ਸਿੰਘ ਉਭਿਆ, ਦਰਬਾਰਾ ਸਿੰਘ ਖੇਤਲਾ, ਜੋਗਿੰਦਰ ਸਿੰਘ, ਗੁਲਾਬ ਸਿੰਘ ਸਮੂਰਾਂ, ਵਿੰਦਰ ਸਿੰਘ ਅਤੇ ਹਰਬੰਸ ਸਿੰਘ ਵੀ ਹਾਜ਼ਰ ਸਨ।