ਨਸ਼ਾ ਮੁਕਤੀ ਲਈ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ : ਰਾਣਾ ਨਸ਼ਾ ਮੁਕਤੀ ਲਈ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ
Publish Date: Fri, 11 Sep 2026 03:30 PM (IST)
Updated Date: Sat, 12 Sep 2026 04:02 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੇ ਸੰਗਰੂਰ ਯੂਨਿਟ ਵੱਲੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਾਹਿਬ ਵਿਖੇ ਨਸ਼ਾ ਮੁਕਤੀ ਚੇਤਨਾ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸੰਘ ਦੇ ਸਟੇਟ ਮੀਡੀਆ ਇੰਚਾਰਜ ਡਾ. ਅਵਿਨਾਸ਼ ਰਾਣਾ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਵਿਨਾਸ਼ ਰਾਣਾ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣਾ ਇਕੱਲੀ ਸਰਕਾਰ ਦੇ ਵੱਸ ਦੀ ਗੱਲ ਨਹੀਂ। ਇਸ ਲਈ ਪੰਜਾਬ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਅੱਗੇ ਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅੱਜ ਪੰਜਾਬ ਦਾ ਸਭ ਤੋਂ ਵੱਡਾ ਦੁਖਾਂਤ ਬਣਦਾ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਚਾਉਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਦੀਪ ਸਿੰਘ ਨੇ ਕਿਹਾ ਕਿ ਸਕੂਲ ਵਿੱਚ ਦੂਜੀ ਵਾਰ ਨਸ਼ਾ ਮੁਕਤੀ ਸਬੰਧੀ ਸਮਾਗਮ ਹੋਣਾ ਖੁਸ਼ੀ ਦੀ ਗੱਲ ਹੈ। ਅਜਿਹੇ ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੇ ਜੀਵਨ ਵੱਲ ਵਧਣ ਦੀ ਸੇਧ ਮਿਲਦੀ ਹੈ। ਪੁਲਿਸ ਇੰਸਪੈਕਟਰ ਜਗਵਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਸੰਘ ਦੇ ਸੰਗਰੂਰ ਯੂਨਿਟ ਦੇ ਪ੍ਰਧਾਨ ਜੱਸੀ ਧਰਮਗੜ੍ਹ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦਾ ਮੁੱਖ ਟੀਚਾ ਸਫਲਤਾ ਹਾਸਲ ਕਰਨਾ ਹੋਣਾ ਚਾਹੀਦਾ ਹੈ। ਗੁਰਸੇਵਕ ਸਿੰਘ ਕਮਾਲਪੁਰ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਪ੍ਰੀਤੀ ਕੌਰ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਖਾਸ ਗੱਲ ਇਹ ਰਹੀ ਕਿ 300 ਤੋਂ ਵੱਧ ਸੀਨੀਅਰ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਦਾ ਪ੍ਰਣ ਕੀਤਾ।