ਹਰਵਿੰਦਰ ਸਿੰਘ ਭੁੰਗਰਨੀ, ਮੇਹਟੀਆਣਾ : ਬੁੱਧਵਾਰ ਰਾਤ ਪਿੰਡ ਰਾਜਪੁਰ ਭਾਈਆਂ ਤੋਂ ਬੱਡਲਾ ਮਾਰਗ 'ਤੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸਰਵਣ ਕੁਮਾਰ ਪੁੱਤਰ ਗੁਰਦਾਸ ਰਾਮ ਵਾਸੀ ਹੇੜੀਆਂ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਪਰਮਜੀਤ ਸਿੰਘ ਪੁੱਤਰ ਅਮਰ ਦਾਸ ਬੁੱਧਵਾਰ ਸ਼ਾਮ ਕਰੀਬ ਸਾਢੇ 7 ਵਜੇ ਆਪਣੇ ਸਹੁਰਿਆਂ ਦੇ ਪਿੰਡ ਬੱਡਲਾ ਨੂੰ ਸਾਈਕਲ 'ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਰਾਜਪੁਰ ਭਾਈਆਂ ਤੇ ਬੱਡਲਾ ਵਿਚਕਾਰ ਪਹੁੰਚਿਆ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਸਿਰ 'ਤੇ ਗੰਭੀਰ ਸੱਟ ਲੱਗਣ ਨਾਲ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਮੇਹਟੀਆਣਾ ਦੇ ਐੱਸਐੱਚਓ ਬਲਵਿੰਦਰ ਪਾਲ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈਣ ਉਪਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਪੋਸਟਮਾਰਟਮ ਲਈ ਭੇਜ ਦਿੱਤਾ। ਐੱਸਐੱਚਓ ਬਲਵਿੰਦਰ ਪਾਲ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਧਾਰਾ 302 ਆਈਪੀਸੀ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।