ਮੰਡੀ ਮਜ਼ਦੂਰਾਂ ਨੇ ਮਜ਼ਦੂਰੀ ’ਚ 25 ਫੀਸਦੀ ਵਾਧਾ ਮੰਗਿਆ ਮੰਡੀ ਮਜ਼ਦੂਰਾਂ ਨੇ ਮਜ਼ਦੂਰੀ ’ਚ 25 ਫੀਸਦੀ ਵਾਧਾ ਮੰਗਿਆ
Publish Date: Mon, 14 Sep 2026 04:00 PM (IST)
Updated Date: Tue, 15 Sep 2026 04:02 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਅਨਾਜ ਮੰਡੀ ਭਵਾਨੀਗੜ੍ਹ ਦੇ ਗੱਲਾ ਮਜ਼ਦੂਰਾਂ ਨੇ ਪੰਜਾਬ ਸਰਕਾਰ ਵੱਲੋਂ ਮਜ਼ਦੂਰੀ ਦੇ ਰੇਟਾਂ ਵਿੱਚ 25 ਫੀਸਦੀ ਵਾਧਾ ਕਰਨ ਦੇ ਕੀਤੇ ਵਾਅਦੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਮੂਹ ਗੱਲਾ ਮਜ਼ਦੂਰ ਯੂਨੀਅਨ ਅਨਾਜ ਮੰਡੀ ਭਵਾਨੀਗੜ੍ਹ ਵੱਲੋਂ ਚੇਅਰਮੈਨ ਮੰਡੀਕਰਨ ਬੋਰਡ ਹਰਚੰਦ ਬਰਸਟ ਨੂੰ ਮੰਗ ਪੱਤਰ ਸੌਂਪ ਕੇ ਮਜ਼ਦੂਰੀ ਦੇ ਰੇਟਾਂ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ ਗਈ। ਮੰਗ ਪੱਤਰ ਵਿੱਚ ਮਜ਼ਦੂਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮਜ਼ਦੂਰੀ ਦੇ ਰੇਟਾਂ ਵਿੱਚ 25 ਫੀਸਦੀ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰੰਤੂ ਹੁਣ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਕਾਰਨ ਮਜ਼ਦੂਰ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਮਜ਼ਦੂਰਾਂ ਨੇ ਦੱਸਿਆ ਕਿ ਮੁੱਖ ਸਕੱਤਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਪੱਤਰ ਨੰਬਰ 597 ਮਿਤੀ 8 ਅਕਤੂਬਰ 2024 ਰਾਹੀਂ ਸਕੱਤਰ, ਪੰਜਾਬ ਮੰਡੀ ਬੋਰਡ ਨੂੰ ਦੂਜੇ ਰਾਜਾਂ ਵਿੱਚ ਦਿੱਤੀ ਜਾਂਦੀ ਮਜ਼ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਮੰਡੀ ਮਜ਼ਦੂਰੀ ਦੇ ਰੇਟ ਤੈਅ ਕਰਨ ਸਬੰਧੀ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਪੱਤਰ ’ਤੇ ਵੀ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਦੌਰ ਵਿੱਚ ਮੌਜੂਦਾ ਮਜ਼ਦੂਰੀ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੰਡੀ ਮਜ਼ਦੂਰਾਂ ਦੀ ਮਿਹਨਤ ਅਤੇ ਮੌਜੂਦਾ ਆਰਥਿਕ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਮਜ਼ਦੂਰੀ ਦੇ ਰੇਟਾਂ ਵਿੱਚ 25 ਫੀਸਦੀ ਵਾਧਾ ਕਰਨ ਦਾ ਐਲਾਨ ਤੁਰੰਤ ਲਾਗੂ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਸਵੀਰ ਸਿੰਘ ਕਾਕਾ, ਪੱਪੂ ਆਦਿ ਮਜ਼ਦੂਰ ਆਗੂ ਅਤੇ ਮੈਂਬਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗ ’ਤੇ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਮਜ਼ਦੂਰ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਸਬੰਧੀ ਫੈਸਲਾ ਲਿਆ ਜਾਵੇਗਾ।