- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਪਾਲ ਮੋਚਨ ਜਾ ਰਹੇ ਸ਼ਰਧਾਲੂਆਂ ਦੀ ਪਿਕਅਪ ਪਲਟੀ, 10 ਜ਼ਖਮੀ

6 ਔਰਤਾਂ ਸਮੇਤ 10 ਸ਼ਰਧਾਲੂ ਹੋਏ ਜ਼ਖਮੀ, ਦੋ ਦੀ ਹਾਲਤ ਗੰਭੀਰ ਪਟਿਆਲਾ ਰੈਫਰ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਭਵਾਨੀਗੜ੍ਹ-ਸੰਗਰੂਰ ਮੁੱਖ ਮਾਰਗ ’ਤੇ ਪਿੰਡ ਹਰਕਿਸ਼ਨਪੁਰਾ ਨੇੜੇ ਕਪਾਲ ਮੋਚਨ ਵਿਖੇ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਪਿਕਅਪ ਗੱਡੀ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ 6 ਔਰਤਾਂ ਸਮੇਤ ਕੁੱਲ 10 ਸ਼ਰਧਾਲੂ ਜ਼ਖਮੀ ਹੋ ਗਏ। ਗਨੀਮਤ ਰਹੀ ਕਿ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜ਼ਖਮੀਆਂ ਨੂੰ ਇਲਾਜ ਲਈ ਭਵਾਨੀਗੜ੍ਹ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੇ ਇੰਚਾਰਜ ਏਐੱਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਮੁੱਢਲੀ ਜਾਣਕਾਰੀ ਅਨੁਸਾਰ ਪਿਕਅਪ ਗੱਡੀ ਵਿੱਚ ਸਵਾਰ ਪਿੰਡ ਮਾਨਾ ਪਿੰਡੀ (ਧਨੌਲਾ) ਦੇ ਸ਼ਰਧਾਲੂ ਕਪਾਲ ਮੋਚਨ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਆਈਏਐੱਲ ਫੈਕਟਰੀ ਨੇੜੇ ਪਹੁੰਚੇ ਤਾਂ ਅਚਾਨਕ ਸੜਕ ’ਤੇ ਆਏ ਇੱਕ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿਕਅਪ ਚਾਲਕ ਗੱਡੀ ਤੋਂ ਸੰਤੁਲਨ ਗੁਆ ਬੈਠਾ, ਜਿਸ ਕਾਰਨ ਗੱਡੀ ਸੜਕ ’ਤੇ ਪਲਟ ਗਈ। ਦੱਸਿਆ ਜਾਂਦਾ ਹੈ ਕਿ ਮੋਟਰਸਾਈਕਲ ਸਵਾਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਏਐੱਸਆਈ ਸ਼ਮਸ਼ੇਰ ਸਿੰਘ ਅਨੁਸਾਰ ਐੱਸਐੱਸਐੱਫ ਦੀ ਟੀਮ ਵੱਲੋਂ 7 ਜ਼ਖਮੀਆਂ ਨੂੰ ਭਵਾਨੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਦਕਿ 108 ਐਂਬੂਲੈਂਸ ਰਾਹੀਂ 3 ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਦੋ ਜ਼ਖਮੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅਗਲੇ ਇਲਾਜ ਲਈ ਪਟਿਆਲਾ ਰੈਫਰ ਕਰ ਦਿੱਤਾ ਗਿਆ।