ਪੁਲਿਸ ਪ੍ਰਸ਼ਾਸਨ ਨੇ ਨਸ਼ਾ ਸਮੱਸਿਆਵਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਪੁਲਿਸ ਪ੍ਰਸਾਸਨ ਨੇ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਢਾਹੀਆਂ
Publish Date: Wed, 07 Jan 2026 05:25 PM (IST)
Updated Date: Wed, 07 Jan 2026 05:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਵੱਲੋਂ ਨਸ਼ੇ ਦੀ ਵਿਕਰੀ ਕਰ ਕੇ ਬਣਾਈ ਗਈ ਨਾਜਾਇਜ਼ ਜਾਇਦਾਦ ਨੂੰ ਨਸ਼ਟ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸਮਸ਼ਾਦ ਅਤੇ ਮੁਹੰਮਦ ਮੁਨੀਰ ਵਾਸੀ ਕਿਲ੍ਹਾ ਰਹਿਮਤਗੜ੍ਹ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰ ਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਾਹਿਆ ਗਿਆ। ਪੁਲਿਸ ਰਿਕਾਰਡ ਅਨੁਸਾਰ ਸਮਸ਼ਾਦ ਖ਼ਿਲਾਫ਼ 6 ਮਾਮਲੇ ਦਰਜ ਹਨ, ਜਦਕਿ ਮੁਹੰਮਦ ਮੁਨੀਰ ਖ਼ਿਲਾਫ਼ 1 ਮਾਮਲਾ ਦਰਜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਅਧੀਨ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਵੀ ਅਜਿਹੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਡੀਐੱਸਪੀ ਮਾਨਵਜੀਤ ਸਿੰਘ, ਥਾਣਾ ਮੁਖੀ ਬਲਜੀਤ ਸਿੰਘ, ਟ੍ਰੈਫਿਕ ਇੰਚਾਰਜ ਗੁਰਮੁੱਖ ਸਿੰਘ ਆਦਿ ਹਾਜ਼ਰ ਸਨ।