ਧਰਨਾ ਦੇ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਚੁੱਪ ਚੁਪੀਤੇ ਚੁੱਕਿਆ
ਧਰਨਾ ਦੇ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਚੁੱਪ ਚੁਪੀਤੇ ਚੁੱਕਿਆ
Publish Date: Tue, 09 Jun 2026 03:57 PM (IST)
Updated Date: Wed, 10 Jun 2026 04:03 AM (IST)

ਪੁਲਿਸ ਨੇ ਚੁਕਵਾਇਆ ਧਰਨਾ, ਮੁਲਾਜ਼ਮਾਂ ਨੂੰ ਡੱਕਿਆ ਥਾਣੇ ’ਚ ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪਿਛਲੇ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜ੍ਹਤਾਲ ’ਤੇ ਬੈਠ ਕੇ ਧਰਨਾ ਦੇ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੂੰ ਮੰਗਲਵਾਰ ਚੁੱਪ ਚੁਪੀਤੇ ਪੁਲਿਸ ਨੇ ਚੁੱਕ ਲਿਆ ਤੇ ਧਰਨਾ ਖ਼ਤਮ ਕਰਵਾ ਦਿੱਤਾ। ਰੋਹ ’ਚ ਆਏ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਅੰਦਰ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ, ਸਹਿਣਾ ਵਿਖੇ ਚੱਲ ਰਹੇ 14 ਦੇ ਕਰੀਬ ਸੇਵਾ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਸੇਵਾ ਕੇਂਦਰਾਂ ਅੱਗੇ ਧਰਨਾ ਦਿੱਤਾ ਜਾ ਰਿਹਾ ਸੀ, ਮੰਗਲਵਾਰ ਨੂੰ ਪੁਲਿਸ ਨੇ ਮੁਲਾਜ਼ਮਾਂ ਦੇ ਧਰਨੇ ਵਾਲੀ ਥਾਂ ’ਤੇ ਪਹੁੰਚਕੇ ਧਰਨਾ ਚੁਕਵਾ ਦਿੱਤਾ ਤੇ ਵਿਰੋਧ ਕਰ ਰਹੇ ਕੁੱਝ ਮਹਿਲਾ ਮੁਲਾਜ਼ਮਾਂ ਨੂੰ ਪੁਲਿਸ ਨੇ ਆਪਣੀ ਗੱਡੀ ’ਚ ਬਿਠਾ ਕੇ ਥਾਣੇ ਲੈ ਗਏ। ਇਸ ਮੌਕੇ ਮੁਲਾਜ਼ਮਾਂ ਨੇ ਵਿਰੋਧ ਕਰਦਿਆਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਸੇਵਾ ਕੇਂਦਰ ’ਚ ਕੰਮ ਕਰਦੇ ਮੁਲਾਜ਼ਮਾਂ ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਬਲਕਾਰ ਸਿੰਘ, ਦਿਲਦਾਰ ਖਾਨ, ਸੰਦੀਪ ਕੌਰ ਤੇ ਗੁਰਵਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਠੇਕੇਦਾਰੀ ਸਿਸਟਮ ਰਾਹੀ ਉਨ੍ਹਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀ ਨੌਕਰੀ ਸਬੰਧੀ ਵੀ ਕੋਈ ਸੁਰੱਖਿਆ ਨਹੀਂ ਹੈ। ਮੁਲਾਜ਼ਮਾਂ ਨੁੰ ਲਗਾਤਾਰ ਟਾਰਗੇਟ ਦਿੱਤੇ ਜਾਂਦੇ ਹਨ, ਜਿਸ ਕਾਰਨ ਉਹ ਮਾਨਸਿਕ ਤਣਾਅ ’ਚ ਰਹਿੰਦੇ ਹਨ। ਮੁਲਾਜ਼ਮਾਂ ਦੀਆਂ ਮੰਗਾਂ ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਵਾਧਾ ਕੀਤਾ ਜਾਵੇ, ਪੋਸਟ ਨੂੰ ਰੈਗੂਲਰ ਕੀਤਾ ਜਾਵੇ। ਠੇਕੇਦਾਰੀ ਸਿਸਟਮ ਨੁੰ ਪੂਰੀ ਤਰ੍ਹਾਂ ਨਾਲ ਖ਼ਤਮ ਕੀਤਾ ਜਾਵੇ। ਸਾਮਾਨ ਹੱਕ ਤੇ ਸਾਮਾਨ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਨੂੰ ਛੁੱਟੀ ਵਾਲੇ ਦਿਨ ਛੁੱਟੀ ਦਿੱਤੀ ਜਾਵੇ ਤੈਅ ਸਮੇਂ ਅਨੁਸਾਰ ਹੀ ਕੰਮ ਕੀਤਾ ਜਾਵੇ। ਮਾਹੌਲ ਤਣਾਅਪੂਰਨ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੇ ਸੇਵਾ ਕੇਂਦਰਾਂ ਦੇ ਬਾਕੀ ਸਟਾਫ਼ ਅਤੇ ਹੋਰ ਭਰਾਤਰੀ ਜਥੇਬੰਦੀਆਂ ’ਚ ਵੀ ਰੋਸ ਦੀ ਲਹਿਰ ਦੌੜ ਗਈ ਹੈ। ਵੱਖ-ਵੱਖ ਜਨਤਕ ਜਥੇਬੰਦੀਆਂ ਨੇ ਵੀ ਮੁਲਾਜ਼ਮਾਂ ਦੇ ਹੱਕ ’ਚ ਆਉਣ ਦਾ ਇਸ਼ਾਰਾ ਕੀਤਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ’ਚ ਬਰਨਾਲਾ ਅੰਦਰ ਪ੍ਰਸ਼ਾਸਨ ਅਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਹੋਰ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ।