- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਯੂਐੱਸ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਉਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਵਿਖੇ ਸਿੱਖ ਕੌਮ ਦੇ ਮਹਾਨ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 422ਵਾਂ ‘ਪਹਿਲਾ ਪ੍ਰਕਾਸ਼ ਉਤਸਵ’ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਿਲੀਜਨ ਦੇ ਪ੍ਰੋ. ਅਰਸ਼ਦੀਪ ਕੌਰ ਅਤੇ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਕੀਰਤਨ ਰਾਹੀਂ ਵਿਦਿਆਰਥੀਆਂ ਅਤੇ ਸਟਾਫ ਨੂੰ ਗੁਰਬਾਣੀ ਨਾਲ ਜੋੜਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਕਾਲਜ ਕੈਂਪਸ ਵਿੱਚ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਉਪਰੰਤ ਵਿਦਿਆਰਥੀਆਂ ਦੇ ਕੁਇਜ ਤੇ ਦਸਤਾਰ ਸਜ਼ਾਉਣ ਦੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਸੰਸਥਾ ਦੇ ਪ੍ਰਿੰਸੀਪਲ ਡਾ.ਕੁਲਵੰਤ ਕੌਰ, ਡਾ.ਰਾਜਵਿੰਦਰ ਸਿੰਘ, ਸੰਦੀਪ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਾਲ 1604 ਈ. ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਗਵਾਈ ਹੇਠ ਅਤੇ ਬਾਬਾ ਬੁੱਢਾ ਜੀ ਵੱਲੋ ਕੀਤਾ ਗਿਆ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ, ਮਨੁੱਖਤਾ ਦੀ ਭਾਵਨਾ ਨਾਲ ਸੇਵਾ ਕਰਨ ਅਤੇ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।