- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀ ਸਹਿਮਤੀ ਬਿਨਾਂ ਰਜਵਾਹੇ ਦੀ ਉਸਾਰੀ ਦਾ ਵਿਰੋਧ, ਅਧਿਕਾਰੀਆਂ ਦਾ ਘਿਰਾਓ

ਸਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ/ਸ਼ੇਰਪੁਰ : ਪਿੰਡ ਰਾਮਨਗਰ ਛੰਨਾ ਵਿਖੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਰਜਬਾਹੇ ਦੀ ਉਸਾਰੀ ਕਰਵਾਉਣ ਪਹੁੰਚੇ ਨਹਿਰੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ। ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਜੇਸੀਬੀ ਮਸ਼ੀਨ ਰੁਕਵਾ ਕੇ ਅਧਿਕਾਰੀਆਂ ਦਾ ਘਿਰਾਓ ਕੀਤਾ ਅਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰਜਬਾਹੇ ਦੀ ਉਸਾਰੀ ਤੁਰੰਤ ਰੋਕਣ ਦੀ ਮੰਗ ਕੀਤੀ।
ਇਸ ਮੌਕੇ ਕਮੇਟੀ ਆਗੂ ਨਰਿੰਦਰ ਪਾਲ ਸਿੰਘ ਛੰਨਾ ਨੇ ਕਿਹਾ ਕਿ ਬਲਾਕ ਸ਼ੇਰਪੁਰ ਅਤੇ ਧੂਰੀ ਨਾਲ ਸਬੰਧਤ ਕਰੀਬ 35 ਤੋਂ 37 ਪਿੰਡਾਂ ਦੇ ਕਿਸਾਨ ਪ੍ਰਸਤਾਵਿਤ ਰਜਬਾਹੇ ਦੀ ਉਸਾਰੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਜ਼ਮੀਨ ਮਾਲਕਾਂ ਦੀ ਸਹਿਮਤੀ ਲਏ ਬਿਨਾਂ ਹੀ ਉਨ੍ਹਾਂ ਦੀਆਂ ਜ਼ਮੀਨਾਂ ਵਿੱਚੋਂ ਰਜਬਾਹਾ ਕੱਢਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਜ਼ਮੀਨਾਂ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਦਕਿ ਇਸ ਸਬੰਧੀ ਉਨ੍ਹਾਂ ਨਾਲ ਕੋਈ ਸਹਿਮਤੀ ਜਾਂ ਸਾਰਥਕ ਗੱਲਬਾਤ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਮੀਨ ਐਕੁਆਇਰ ਕਰਨ ਲਈ ਨਿਰਧਾਰਤ ਕੀਤੇ ਗਏ ਕੁਲੈਕਟਰ ਰੇਟ ਮੌਜੂਦਾ ਬਾਜ਼ਾਰ ਕੀਮਤਾਂ ਨਾਲੋਂ ਕਾਫ਼ੀ ਘੱਟ ਹਨ। ਸਰਕਾਰ ਚਾਰ ਗੁਣਾ ਮੁਆਵਜ਼ਾ ਦੇਣ ਦੇ ਦਾਅਵੇ ਕਰਦੀ ਹੈ ਪਰ ਜਦੋਂ ਮੁੱਢਲੇ ਕੁਲੈਕਟਰ ਰੇਟ ਹੀ ਘੱਟ ਹੋਣ ਤਾਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਵਾਜਬ ਮੁੱਲ ਮਿਲਣਾ ਮੁਸ਼ਕਲ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮਾਲ ਵਿਭਾਗ ਵੱਲੋਂ ਨਕਸ਼ਾ ਜਾਰੀ ਕਰਨ ਤੋਂ ਪਹਿਲਾਂ ਜ਼ਮੀਨ ਮਾਲਕਾਂ ਦੀ ਰਾਇ ਜਾਂ ਸਹਿਮਤੀ ਨਹੀਂ ਲਈ ਗਈ। ਇਸ ਮਾਮਲੇ ਵਿੱਚ ਇਨਸਾਫ਼ ਲਈ ਪ੍ਰਭਾਵਿਤ ਕਿਸਾਨਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਹੈ।
ਕਮੇਟੀ ਆਗੂਆਂ ਨੇ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਇਲਾਕੇ ਦੇ ਕਿਸਾਨ ਪਹਿਲਾਂ ਵੀ ਇਕਜੁੱਟ ਹੋ ਕੇ ਸੰਘਰਸ਼ ਕਰਦੇ ਆ ਰਹੇ ਹਨ। ਮੌਕੇ ’ਤੇ ਪਹੁੰਚੇ ਵਿਭਾਗੀ ਅਧਿਕਾਰੀਆਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਿੰਚਾਈ ਵਿਭਾਗ ਦੇ ਮੁੱਖ ਸਕੱਤਰ ਪਿੰਡ ਘਨੌਰ ਵਿਖੇ ਪਹੁੰਚ ਰਹੇ ਹਨ ਅਤੇ ਕਿਸਾਨ ਉਨ੍ਹਾਂ ਅੱਗੇ ਆਪਣਾ ਪੱਖ ਰੱਖ ਸਕਦੇ ਹਨ। ਹਾਲਾਂਕਿ ਕਿਸਾਨਾਂ ਵੱਲੋਂ ਲੰਮਾ ਸਮਾਂ ਉਡੀਕ ਕਰਨ ਦੇ ਬਾਵਜੂਦ ਮੁੱਖ ਸਕੱਤਰ ਉੱਥੇ ਨਹੀਂ ਪਹੁੰਚੇ। ਬਾਅਦ ਵਿੱਚ ਕਿਸਾਨਾਂ ਨੂੰ ਬੁੱਧਵਾਰ ਨੂੰ ਧੂਰੀ ਵਿਖੇ ਮਿਲਣ ਦਾ ਸੁਨੇਹਾ ਦਿੱਤਾ ਗਿਆ।
ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ, ਉਦੋਂ ਤੱਕ ਰਜਬਾਹੇ ਦੀ ਉਸਾਰੀ ਦਾ ਕੰਮ ਮੁਕੰਮਲ ਤੌਰ 'ਤੇ ਰੋਕਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਹੱਕਾਂ ਨਾਲ ਜੁੜੇ ਇਸ ਮਸਲੇ 'ਤੇ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਮਾਲ ਵਿਭਾਗ ਦੇ ਕਾਨੂੰਗੋ ਰਾਜਵਿੰਦਰ ਸਿੰਘ ਧਾਲੀਵਾਲ, ਪਟਵਾਰੀ ਨਿਰਪਜੀਤ ਸਿੰਘ ਮਡੇਰ, ਨਹਿਰੀ ਵਿਭਾਗ ਦੇ ਐੱਸਡੀਓ ਸੁਖਚੈਨ ਸਿੰਘ, ਜੇਈ ਬਲਕਰਨ ਸਿੰਘ ਤੋਂ ਇਲਾਵਾ ਕਿਸਾਨ ਨਰਿੰਦਰ ਪਾਲ ਸਿੰਘ ਛੰਨਾ, ਗਰੀਬ ਸਿੰਘ, ਗੁਰਸੇਵਕ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ, ਹਰਨੇਕ ਸਿੰਘ, ਹਰਵਿੰਦਰ ਸਿੰਘ ਬੜੀ, ਭਰਪੂਰ ਸਿੰਘ, ਚਮਕੌਰ ਸਿੰਘ, ਬਲਦੇਵ ਸਿੰਘ, ਬਚਿੱਤਰ ਸਿੰਘ, ਗੁਰਨਾਮ ਸਿੰਘ, ਬੰਤ ਸਿੰਘ, ਜੁਗਰਾਜ ਸਿੰਘ, ਅਵਤਾਰ ਸਿੰਘ, ਬਿੱਕਰ ਸਿੰਘ ਅਤੇ ਕਾਕਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।