ਰਾਜਪਾਲ ਸਿੰਗਲਾ, ਮੂਨਕ

ਸੀਏਏ, ਐੱਨਆਰਸੀ ਅਤੇ ਐੱਨਪੀਆਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਐਤਵਾਰ ਨੂੰ ਲੋਕ ਮੋਰਚਾ ਪੰਜਾਬ ਵੱਲੋਂ ਮੂਨਕ ਵਿਖੇ ਕਾਲੇ ਕਾਨੂੰਨਾਂ ਵਿਰੁੱਧ ਰੈਲੀ ਕੱਢੀ ਗਈ ਅਤੇ ਰੈਲੀ ਕਰਨ ਉਪਰੰਤ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਦੌਰਾਨ ਇਕੱਤਰ ਹੋਏ ਲੋਕਾਂ ਨੇ ਮੰਗ ਕੀਤੀ ਕਿ ਨਾਗਰਿਕਤਾ ਸੋਧ ਕਾਨੂੰਨ ਰੱਦ ਕੀਤਾ ਜਾਵੇ ਅਤੇ ਦਾ ਅਮਲ ਰੋਕਿਆ ਜਾਵੇ, ਵਿਦਿਆਰਥੀਆਂ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ, ਜਾਮੀਆ ਮਿਲੀਆ ਅਤੇ ਜੇਐੱਨਯੂ ਦੇ ਸੰਘਰਸ਼ਸ਼ੀਲ ਵਿਦਿਆਰਥੀ ਆਗੂਆਂ 'ਤੇ ਪਾਏ ਝੂਠੇ ਕੇਸ ਤੁਰੰਤ ਰੱਦ ਕੀਤੇ ਜਾਣ।

ਲੋਕ ਮੋਰਚਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਰਾਹੀਂ ਲੋਕਾਂ 'ਚ ਫਿਰਕੂ ਜਨੂੰਨ ਭੜਕਾਇਆ ਜਾ ਰਿਹਾ ਹੈ। ਚੋਣਵੇਂ ਧਰਮਾਂ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਵਾਲੇ ਇਸ ਕਾਨੂੰਨ ਦੀ ਮੁੱਖ ਧਾਰਾ ਮੁਸਲਿਮ ਦੇਸ਼ਾਂ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲ ਸੇਧਤ ਹੈ। ਇਹ ਭਾਜਪਾ ਵੱਲੋਂ ਰਾਜ ਗੱਦੀ 'ਤੇ ਬਣੇ ਰਹਿਣ ਲਈ ਲੋਕਾਂ 'ਤੇ ਕੀਤਾ ਇੱਕ ਵਿਉਂਤਵੱਧ ਹਮਲਾ ਹੈ। ਇਸ ਫਿਰਕੂ ਤੇ ਫਾਸ਼ੀ ਹੱਲੇ ਦੇ ਓਹਲੇ ਵਿੱਚ ਆਰਥਿਕ ਸੁਧਾਰਾਂ ਦਾ ਹੱਲਾ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਭਾਰਤ ਪੈਟਰੋਲੀਅਮ, ਏਅਰ ਇੰਡੀਆ, ਰੇਲਵੇ ਅਤੇ ਹੋਰ ਕਈ ਨਾਮੀ ਪਬਲਿਕ ਅਦਾਰਿਆਂ ਨੂੰ ਨਿੱਜੀ ਕਾਰੋਬਾਰੀਆਂ ਨੂੰ ਵੇਚਿਆ ਜਾ ਰਿਹਾ ਹੈ। ਪੂੰਜੀਪਤੀਆਂ ਦੇ ਮੁਨਾਫਿਆ 'ਤੇ ਕੰਟਰੋਲ ਕੀਤਾ ਜਾਵੇ।

ਅੰਤ ਵਿੱਚ ਲੋਕਾਂ ਦਾ ਧੰਨਵਾਦ ਕਰਦੇ ਹੋਏ ਨੌਜਵਾਨ ਆਗੂ ਹੁਸ਼ਿਆਰ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਇਨ੍ਹਾਂ ਲੋਕ ਵਿਰੋਧੀ ਕਦਮਾਂ ਨੂੰ ਇਕੱਜੁਟ ਸਾਂਝੇ ਸੰਘਰਸ਼ਾਂ ਦੇ ਰਾਹ ਪੈ ਕੇ ਹੀ ਮਾਤ ਦਿੱਤੀ ਜਾ ਸਕਦੀ ਹੈ ਅਤੇ ਹਕੀਕੀ ਲੋਕ ਪੱਖੀ ਰਾਜ ਤੇ ਸਮਾਜ ਉਸਾਰਨ ਦੀ ਦਿਸ਼ਾ 'ਚ ਅੱਗੇ ਵਧਿਆ ਜਾ ਸਕਦਾ ਹੈ।