ਸਟਾਫ ਰਿਪੋਰਟਰ, ਬਰਨਾਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਵੀਰਵਾਰ ਨੂੰ 218ਵੇਂ ਦਿਨ ਵੀ ਜਾਰੀ ਰਿਹਾ। ਬੀਤੇ ਦਿਨੀਂ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਸਿੰਘੂ ਬਾਰਡਰ 'ਤੇ ਹੋਈ ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਬੇਲੋੜਾ ਲਾਕਡਾਊਨ ਲਾ ਕੇ ਵਪਾਰੀਆਂ, ਛੋਟੇ ਕਾਰੋਬਾਰੀਆਂ ਤੇ ਮਜ਼ਦੂਰਾਂ ਦਾ ਰੁਜ਼ਗਾਰ ਤਬਾਹ ਕਰਨ ਦੇ ਜਾਰੀ ਕੀਤੇ ਤੁਗਲਕੀ ਫਰਮਾਨ ਦਾ ਵਿਰੋਧ ਕੀਤਾ ਜਾਵੇਗਾ।

ਇਸ ਤਹਿਤ 8 ਮਈ ਨੂੰ ਲਾਕਡਾਊਨ ਵਿਰੋਧੀ ਦਿਵਸ ਮਨਾਇਆ ਜਾਵੇਗਾ ਤੇ 10/12 ਮਈ ਨੂੰ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ-ਮਜਦੂਰਾਂ ਦੇ ਕਾਫਲੇ ਦਿੱਲੀ ਵੱਲ ਕੂਚ ਕਰਨਗੇ। ਧਰਨੇ ਨੂੰ ਦਰਸ਼ਨ ਸਿੰਘ ਉਗੋਕੇ, ਨਛੱਤਰ ਸਿੰਘ ਸਾਹੌਰ, ਬਾਬੂ ਸਿੰਘ ਖੁੱਡੀ ਕਲਾਂ, ਗੁਰਦਰਸ਼ਨ ਸਿੰਘ ਦਿਓਲ, ਮਾਸਟਰ ਨਿਰੰਜਨ ਸਿੰਘ ਠੀਕਰੀਵਾਲਾ, ਸੁਰਮੁਖ ਸਿੰਘ ਸੇਲਬਰਾਹ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਪ੍ਰਰੇਮਪਾਲ ਕੌਰ, ਗੋਰਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੇ ਬਹਾਨੇ ਲੋਕਾਂ 'ਚ ਦਹਿਸ਼ਤ ਫੈਲਾਈ ਜਾ ਰਹੀ ਹੈ। ਆਗੂਆਂ ਕਿਹਾ ਕਿ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ 8 ਮਈ ਨੂੰ ਵਪਾਰੀਆਂ, ਛੋਟੇ ਕਾਰੋਬਾਰੀਆਂ ਤੇ ਮਜਦੂਰਾਂ ਦੇ ਲਾਕਡਾਊਨ ਵਿਰੋਧੀ ਸੰਘਰਸ਼ ਦਾ ਸਾਥ ਦੇਣਗੀਆਂ। ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਕਿਸਾਨ ਮਰਦਾਂ, ਅੌਰਤਾਂ ਤੇ ਨੌਜਵਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ।