ਬਲਜੀਤ ਸਿੰਘ ਟਿੱਬਾ, ਸੰਗਰੂਰ : ਡੈਮੋਕਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ਸਿੱਖਿਆ ਵਿਭਾਗ 'ਚ ਪੰਜਾਬ ਸਰਕਾਰ ਦੇ 50 ਫ਼ੀਸਦੀ ਸਟਾਫ ਹਾਜ਼ਰੀ ਦੇ ਫ਼ੈਸਲੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਤੇ ਹੋਰਨਾਂ ਕਈ ਮਾਮਲਿਆਂ 'ਚ ਵੀ ਮਸ਼ੀਨੀ ਫੈਸਲੇ ਕਰਨ ਦੇ ਆਦੀ ਸਿੱਖਿਆ ਸਕੱਤਰ ਵੱਲੋਂ ਕੋਰੋਨਾ ਲਾਗ ਦੇ ਸਮਾਜਿਕ ਫੈਲਾਅ ਦੇ ਦੌਰ ਵਿਚ ਮਨਮਰਜੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਸਰਕਾਰ ਤੋਂ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਦੀ ਮੰਗ ਕੀਤੀ ਹੈ।

ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਤੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਬਿਆਨ ਜਾਰੀ ਕਰਦਿਆਂ ਸਰਕਾਰ ਦੇ ਮਾੜੇ ਸਿਹਤ ਪ੍ਰਬੰਧਾਂ ਕਾਰਨ ਕੋਰੋਨਾ ਲਾਗ ਤੇ ਹੋਰ ਕਈ ਗੰਭੀਰ ਬਿਮਾਰੀਆਂ ਸਦਕਾ ਕਈ ਜਾਨਾਂ ਜਾਣ 'ਤੇ ਦੁੱਖ ਪ੍ਰਗਟ ਕਰਦਿਆਂ ਲੋਕ ਵਿਰੋਧੀ ਨਿੱਜੀਕਰਨ ਦੀ ਨੀਤੀ ਤਿਆਗ ਕੇ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੀ ਮੰਗ ਕੀਤੀ ਹੈ। ਡੀਟੀਐੱਫ ਦੇ ਸੂਬਾ ਕਮੇਟੀ ਮੈਂਬਰਾਂ ਮੇਘਰਾਜ, ਦਲਜੀਤ ਸਫੀਪੁਰ, ਸੁਖਵਿੰਦਰ ਗਿਰ, ਜ਼ਿਲ੍ਹਾ ਜਨਰਲ ਸਕੱਤਰ ਅਮਨ ਵਸ਼ਿਸ਼ਟ, ਮੀਤ ਪ੍ਰਧਾਨ ਵਿਕਰਮਜੀਤ ਮਲੇਰਕੋਟਲਾ, ਗੁਰਜੰਟ ਲਹਿਲ ਤੇ ਪ੍ਰਰੈੱਸ ਸਕੱਤਰ ਕਰਮਜੀਤ ਨਦਾਮਪੁਰ ਨੇ ਦੱਸਿਆ ਪਿਛਲੇ ਦਿਨੀਂ ਮੁੱਖ ਮੰਤਰੀ ਨੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ/ਸਕੂਲਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਿੱਚੋਂ 50 ਫੀਸਦੀ ਨੂੰ ਰੋਟੇਸ਼ਨ ਵਾਈਜ ਹਾਜਰ ਹੋਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਿਰਫ਼ ਦਸ ਤੋਂ ਵੱਧ ਸਟਾਫ ਵਾਲੇ ਸਕੂਲਾਂ 'ਤੇ ਹੀ ਲਾਗੂ ਕਰਨ ਬਾਰੇ ਪੱਤਰ ਜਾਰੀ ਕਰਕੇ ਇਨ੍ਹਾਂ ਨਿਰਦੇਸ਼ਾਂ ਨੂੰ ਅਨਰਥ ਕਰ ਦਿੱਤਾ ਹੈ. ਵਿੱਤ ਸਕੱਤਰ ਸੁਖਪਾਲ ਸਫੀਪੁਰ, Îਜ਼ਿਲ੍ਹਾ ਆਗੂਆਂ ਸੁਖਵਿੰਦਰ ਸੁੱਖ, ਮੈਡਮ ਸ਼ਿਵਾਲੀ ਗਿਰ, ਗੁਰਦੀਪ ਚੀਮਾ, ਚਰਨਜੀਤ ਮਲੇਰਕੋਟਲਾ, ਕਮਲ ਘੋੜੇਨਬ, ਦੀਨਾ ਨਾਥ, ਡਾ. ਗੌਰਵਜੀਤ, ਦਿਨੇਸ਼ ਬਜਾਜ ਆਦਿ ਨੇ ਮੰਗ ਕੀਤੀ ਕਿ 'ਕੋਰੋਨਾ' ਲਾਗ ਕਾਰਨ ਜਾਨ ਗੁਆਉਣ ਵਾਲੇ ਅਧਿਆਪਕਾਂ ਲਈ 50 ਲੱਖ ਦੀ ਬੀਮਾ ਰਾਸ਼ੀ ਦੇਣ ਅਤੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕੋਰੋਨਾ ਪਾਜ਼ੇਟਿਵ ਹੋਣ 'ਤੇ 17 ਤੋਂ 30 ਦਿਨ ਤਕ ਦੀ ਤਨਖਾਹ ਸਹਿਤ ਸਪੈਸ਼ਲ ਛੁੱਟੀ ਮਿਲਣਯੋਗ ਹੋਣ ਦਾ ਫੈਸਲਾ ਸਪੱਸ਼ਟਤਾ ਨਾਲ ਲਾਗੂ ਕੀਤਾ ਜਾਵੇ।

ਆਗੂਆਂ ਨੇ ਦੱਸਿਆ ਅਧਿਆਪਕ ਮੰਗਾਂ ਨੂੰ ਜਲਦ ਪੂਰਾ ਕਰਾਉਣ ਹਿੱਤ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਬਲਾਕ ਪੱਧਰੀ, ਤਹਿਸੀਲ ਪੱਧਰੀ, ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਐਲਾਨੇ ਗਏ ਹਨ। ਇਸ ਪ੍ਰਰੋਗਰਾਮ ਨੂੰ ਸੁਚੱਜੇ ਢੰਗ ਨਾਲ ਸਫਲ ਬਣਾਉਣ ਲਈ ਡੀਟੀਐੱਫ ਪੰਜਾਬ ਸੰਗਰੂਰ ਵੱਲੋਂ ਭਰਵੀਂ ਗਿਣਤੀ ਵਿੱਚ ਅਧਿਆਪਕਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।