- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਜ਼ੂਲ ਦੀ ਜ਼ਮੀਨ ਦੇ ਪੱਕੇ ਹੱਲ ਲਈ ਲੱਗਾ ਧਰਨਾ ਪੰਜਵੇਂ ਦਿਨ ’ਚ ਦਾਖ਼ਲ

ਪ੍ਰਸ਼ਾਸਨ ਦੀ ਅਣਦੇਖੀ ਵਿਰੁੱਧ ਦਲਿਤਾਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਪਿੰਡ ਸ਼ਾਦੀਹਰੀ ਦੇ ਦਲਿਤ ਭਾਈਚਾਰੇ ਵੱਲੋਂ ਨਜ਼ੂਲ ਜ਼ਮੀਨ ਦੇ ਮਸਲੇ ਦੇ ਪੱਕੇ ਹੱਲ ਲਈ ਲਾਇਆ ਗਿਆ ਧਰਨਾ ਪੰਜਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਸਲੇ ਦਾ ਕੋਈ ਠੋਸ ਹੱਲ ਨਾ ਕੱਢੇ ਜਾਣ ਦੇ ਰੋਸ ਵਜੋਂ ਦਲਿਤ ਭਾਈਚਾਰੇ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਇਲਾਕਾ ਰਾਏਧਰਾਣਾ ਦੇ ਖ਼ਜ਼ਾਨਚੀ ਸਤਿਗੁਰ ਸਿੰਘ ਰਾਏਧਰਾਣਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਿੰਡ ਸ਼ਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਸਲੇ ਦਾ ਪੱਕਾ ਹੱਲ ਕਰਨ ਦੀ ਬਜਾਏ ਪ੍ਰਸ਼ਾਸਨ ਵੱਲੋਂ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪਿੰਡ ਦਾ ਮਾਹੌਲ ਦਿਨੋ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਦੀ ਇਸ ਬੇਰੁਖ਼ੀ ਕਾਰਨ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਨੂੰ ਕਿਸੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਪਹਿਲਾਂ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਆਗੂਆਂ ਨੇ ਦੱਸਿਆ ਕਿ ਅੱਜ ਧਰਨੇ ਵਾਲੀ ਥਾਂ ’ਤੇ ਲਹਿਰਾ-ਦਿੜ੍ਹਬਾ ਇਲਾਕੇ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਆਗੂਆਂ ਨੇ ਪ੍ਰਸ਼ਾਸਨ ਦੇ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਦਿਆਂ ਫ਼ੈਸਲਾ ਕੀਤਾ ਕਿ ਇਸ ਸੰਘਰਸ਼ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਇਸ ਤਹਿਤ ਹਰ ਰੋਜ਼ ਵੱਖ-ਵੱਖ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਧਰਨੇ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਹਰ ਰੋਜ਼ ਪਿੰਡ ਸ਼ਾਦੀਹਰੀ ਦੇ ਤਿੰਨ ਵਿਅਕਤੀ ਅਤੇ ਬਾਹਰਲੇ ਪਿੰਡਾਂ ਦੇ ਦੋ ਵਿਅਕਤੀ ਭੁੱਖ ਹੜਤਾਲ ’ਤੇ ਬੈਠਣਗੇ।
ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਕੇ ਅਗਲੇ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾਵੇਗੀ ਅਤੇ ਸ਼ਹਿਰ ਦਿੜ੍ਹਬਾ ’ਚ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪਿੰਡ ਸ਼ਾਦੀਹਰੀ ਦੀ ਨਜ਼ੂਲ ਜ਼ਮੀਨ ਦੇ ਮਸਲੇ ਦਾ ਪੱਕਾ ਅਤੇ ਇਨਸਾਫ਼ਪੂਰਨ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਲੋਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਮਸਲੇ ਦਾ ਜਲਦੀ ਹੱਲ ਕੀਤਾ ਜਾਵੇ, ਤਾਂ ਜੋ ਪਿੰਡ ਵਿੱਚ ਬਣੇ ਤਣਾਅਪੂਰਨ ਮਾਹੌਲ ਨੂੰ ਖ਼ਤਮ ਕੀਤਾ ਜਾ ਸਕੇ।