ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ਼ ਲਈ ਝਾੜੂ ਤੇ ਅਰਥੀ ਫੂਕ ਮੁਜ਼ਾਹਰਾ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ’ਚ ਇਨਸਾਫ਼ ਲਈ ਝਾੜੂ ਤੇ ਅਰਥੀ ਫੂਕ ਮੁਜ਼ਾਹਰਾ
Publish Date: Sun, 25 Oct 2026 06:48 PM (IST)
Updated Date: Mon, 26 Oct 2026 04:05 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਨਸ਼ਾ ਵਿਰੋਧੀ ਕਾਰਕੁਨ ਭਾਈ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੇ ਸਾਰੀਆਂ ਮੰਗਾਂ ਪ੍ਰਵਾਨ ਕਰਵਾਉਣ ਲਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਪਿੰਡ ਸਹਿਜੜਾ ਵਿਖੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਧਨੇਰ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ (ਅ) ਅਤੇ ਕਾਂਗਰਸ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵਿਰੁੱਧ ਝਾੜੂ ਫੂਕ ਕੇ ਜੋਰਦਾਰ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਯੂਥ ਵਿੰਗ ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਬਿੰਦੂ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਜਨਰਲ ਸਕੱਤਰ ਅਮਰਜੀਤ ਸਿੰਘ ਭੋਲਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਬਲਾਕ ਆਗੂ ਸਤਪਾਲ ਸਿੰਘ ਸੋਹੀ, ਗੁਰਪ੍ਰੀਤ ਸਿੰਘ ਸਹਿਜੜਾ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਚਮਕੌਰ ਸਿੰਘ ਸਹਿਜੜਾ ਅਤੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਜਥੇਦਾਰ ਮਹਿੰਦਰ ਸਿੰਘ ਸਹਿਜੜਾ ਨੇ ਕਿਹਾ ਕਿ ਪੀੜਤ ਪਰਿਵਾਰ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪ੍ਰਵਾਨ ਕੀਤਾ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਕਿਸਾਨ ਆਗੂ ਜੋਰਾ ਸਿੰਘ, ਗੋਰਾ ਸਿੰਘ ਪੱਖੋ, ਗੁਰਜੀਤ ਸਿੰਘ ਜਵੰਧਾ, ਜਗਸੀਰ ਸਿੰਘ ਸੀਰਾ, ਜੱਗਾ ਸਿੰਘ, ਬਲਦੇਵ ਸਿੰਘ ਸਹਿਜੜਾ, ਗੋਰਾ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।