ਸ਼੍ਰੋਮਣੀ ਅਕਾਲੀ ਦਲ ਵੱਲੋਂ ਤਪਾ ਵਿਖੇ ਬਿਜਲੀ ਕੱਟਾਂ ਨੂੰ ਲੈ ਕੇ ਦਿੱਤਾ ਧਰਨਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਤਪਾ ਵਿਖੇ ਬਿਜਲੀ ਕੱਟਾਂ ਨੂੰ ਲੈ ਕੇ ਦਿੱਤਾ ਧਰਨਾ
Publish Date: Wed, 16 Sep 2026 05:16 PM (IST)
Updated Date: Thu, 17 Sep 2026 04:02 AM (IST)
ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਕੀਤੀ ਮੰਗ ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਬਿਜਲੀ ਸਪਲਾਈ ’ਚ ਲੱਗ ਰਹੇ ਲੰਬੇ ਤੇ ਅਣ ਐਲਾਨੇ ਕੱਟਾਂ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ(ਬ) ਵੱਲੋਂ ਹਲਕਾ ਭਦੌੜ ਦੇ ਇੰਚਾਰਜ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਤਪਾ ਵਿਖੇ ਸਰਕਾਰ ਖਿਲਾਫ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ 24 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਸ ਦੇ ਬਿਲਕੁਲ ਉਲਟ ਹਨ। ਪੰਜਾਬ ਦੇ ਲੋਕ ਲੰਬੇ ਅਣਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹਨ ਤੇ ਕਿਸਾਨਾਂ ਨੂੰ ਵੀ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲ ਰਹੀ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਮੇਂ ’ਚ ਕਈ ਇਲਾਕਿਆਂ ’ਚ ਕਈ ਕਈ ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ, ਜਦਕਿ ਕਿਸਾਨਾਂ ਨੂੰ ਮੋਟਰਾਂ ਲਈ ਵੀ 4 ਘੰਟਿਆਂ ਤੋਂ ਵੱਧ ਬਿਜਲੀ ਨਹੀਂ ਮਿਲ ਰਹੀ, ਜਿਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਥਾਣਿਆਂ ਤੱਕ ਵਿਚ ਧਮਾਕੇ ਹੋ ਰਹੇ ਹੋਣ ਤਾਂ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਨਸ਼ਿਆਂ ਦੇ ਮੁੱਦੇ ’ਤੇ ਬੋਲਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਜਿਸ ਕਾਰਨ ਪੰਜਾਬ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ’ਚ ਫਸਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਖ-ਵੱਖ ਸਰਕਾਰਾਂ ਨੂੰ ਮੌਕਾ ਦੇ ਕੇ ਦੇਖ ਲਿਆ ਹੈ ਤੇ ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ’ਚ ਲੋਕ ਹਿੱਤਾਂ ਦੀ ਰਾਖੀ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਸਤਨਾਮ ਸਿੰਘ ਰਾਹੀ ਵੱਲੋਂ ਸਮੂਹ ਵਰਕਰਾਂ ਸਮੇਤ ਸਰਕਾਰ ਦੇ ਨਾਂਅ ਐਸ.ਡੀ.ਐਮ ਤਪਾ ਆਯੂਸ ਗੋਇਲ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾ ਤਾਜੋ, ਸਰਪੰਚ ਗੁਰਜੰਟ ਸਿੰਘ ਦਰਾਜ, ਹਰਜਿੰਦਰ ਸਿੰਘ ਪਾਲੀ, ਕਰਮਜੀਤ ਸਿੰਘ ਪੋਹਲਾ, ਮਿਸਤਰੀ ਬਲਜਿੰਦਰ ਸਿੰਘ, ਗੁਲਾਬ ਸਿੰਘ ਕਾਲਾ, ਕੌਂਸਲਰ ਗੁਰਮੀਤ ਸਿੰਘ ਰੋੜ, ਸੁਰਿੰਦਰ ਖੱਟਰ, ਬੇਅੰਤ ਮਾਂਗਟ, ਨੰਬਰਦਾਰ ਸਤਵਿੰਦਰ ਸਿੰਘ ਸੋਨਾ, ਗੁਲਾਬ ਸਿੰਘ, ਵਿਨੋਦ ਕਾਲਾ, ਗੁਰਦੀਪ ਚੱਠਾ ਤਪਾ, ਪਰਮਜੀਤ ਸਿੰਘ ਟੀਟੂ, ਪਰਮਿੰਦਰ ਚੱਠਾ, ਮੰਦਰ ਸਿੰਘ ਕਾਲਾ, ਜਸਵੀਰ ਸਿੰਘ ਧੰਮੀ, ਗੁਰਦੀਪ ਸਿੰਘ ਦਰਾਜ, ਨੰਬਰਦਾਰ ਸਤਨਾਮ ਸਿੰਘ, ਜਸਪਾਲ ਸਿੰਘ ਢਿੱਲੋਂ, ਬੂਟਾ ਤਾਜੋ, ਬਿੱਟੂ ਬਰਾੜ, ਜੱਗੀ ਸਿੰਘ ਆਦਿ ਵੱਡੀ ਗਿਣਤੀ ਚ ਪਾਰਟੀ ਵਰਕਰ ਮੌਜੂਦ ਸਨ।