ਭਾਜਪਾ ਆਗੂਆਂ ਤੇ ਵਰਕਰਾਂ ਨੇ ਡੀਸੀ ਦਫਤਰ ਅੱਗੇ ਲਗਾਇਆ ਧਰਨਾ ਭਾਜਪਾ ਆਗੂਆਂ ਤੇ ਵਰਕਰਾਂ ਨੇ ਡੀਸੀ ਦਫਤਰ ਅੱਗੇ ਲਗਾਇਆ ਧਰਨਾ
Publish Date: Wed, 14 Oct 2026 04:46 PM (IST)
Updated Date: Thu, 15 Oct 2026 04:00 AM (IST)
: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ : ਰਾਜਪਾਲ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਕਰਵਾਉਣ ਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਬਰਨਾਲਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਵੱਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਂ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੀ ਤਸਕਰੀ ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿਰੁੱਧ ਲਗਾਤਾਰ ਆਵਾਜ਼ ਉਠਾ ਰਹੇ ਸਨ। ਉਨ੍ਹਾਂ ਦਾ 13 ਅਕਤੂਬਰ 2026 ਨੂੰ ਮਾਨਸਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਸੂਬੇ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਮੰਗ ਪੱਤਰ ਰਾਹੀਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਨਿਰਪੱਖ ਤੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਲਈ ਢੁਕਵੇਂ ਕਦਮ ਚੁੱਕੇ ਜਾਣ, ਤਾਂ ਜੋ ਘਟਨਾ ਪਿੱਛੇ ਜੇਕਰ ਕੋਈ ਸਾਜ਼ਿਸ਼ ਹੈ ਤਾਂ ਉਸ ਦਾ ਵੀ ਪਤਾ ਲੱਗ ਸਕੇ। ਮੰਗ ਪੱਤਰ ’ਚ ਮ੍ਰਿਤਕ ਦੇ ਪਿਤਾ ਵੱਲੋਂ ਆਪਣੇ ਬਿਆਨ ’ਚ ਸਥਾਨਕ ਵਿਧਾਇਕ ਦਾ ਨਾਂ ਲਏ ਜਾਣ ਤੇ ਗਵਾਹਾਂ ਦੇ ਹਵਾਲੇ ਨਾਲ ਹਮਲਾਵਰ ਵੱਲੋਂ ਗੋਲੀ ਚਲਾਉਣ ਤੋਂ ਪਹਿਲਾਂ ਕਿਸੇ ਨਾਲ ਫ਼ੋਨ ’ਤੇ ਗੱਲ ਕਰਨ ਦਾ ਜ਼ਿਕਰ ਵੀ ਕੀਤਾ ਗਿਆ। ਭਾਜਪਾ ਆਗੂ ਨੇ ਇਨ੍ਹਾਂ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਸਿਆਸੀ ਪਹੁੰਚ ਜਾਂ ਪ੍ਰਭਾਵ ਜਾਂਚ ’ਚ ਰੁਕਾਵਟ ਨਹੀਂ ਬਣਨਾ ਚਾਹੀਦਾ। ਇਹ ਦੋਸ਼ ਤੇ ਦਾਅਵੇ ਜਾਂਚ ਦਾ ਵਿਸ਼ਾ ਹਨ। ਇਸ ਤੋਂ ਇਲਾਵਾ, ਮੰਗ ਪੱਤਰ ’ਚ ਘਟਨਾ ਨਾਲ ਸਬੰਧਤ ਕਾਲ ਰਿਕਾਰਡ, ਵਟਸਐਪ ਸੰਦੇਸ਼ਾਂ, ਸੀਸੀਟੀਵੀ ਫੁਟੇਜ, ਫੇਸਬੁੱਕ ਲਾਈਵਸਟ੍ਰੀਮ ਤੇ ਹੋਰ ਡਿਜੀਟਲ ਸਬੂਤਾਂ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਗਈ। ਨਾਲ ਹੀ ਮ੍ਰਿਤਕ ਦੇ ਪਰਿਵਾਰ, ਖ਼ਾਸ ਕਰਕੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਲਈ ਢੁਕਵੇਂ ਪੁਲਿਸ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ ਗਿਆ। ਨਰਿੰਦਰ ਗਰਗ ਨੀਟਾ ਨੇ ਪੰਜਾਬ ’ਚ ਨਸ਼ਾ ਤਸਕਰੀ ਨਾਲ ਜੁੜੇ ਕਥਿਤ ਨੈੱਟਵਰਕ ਅਤੇ ਇਸ ਨੂੰ ਮਿਲਣ ਵਾਲੀ ਸੰਭਾਵੀ ਸਰਪ੍ਰਸਤੀ ਦੀ ਵੀ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਅਪਰਾਧ ਜਾਂ ਕਿਸੇ ਵੱਡੀ ਸਾਜ਼ਿਸ਼ ’ਚ ਕੋਈ ਵਿਅਕਤੀ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮੰਗ ਪੱਤਰ ਦੇ ਅੰਤ ’ਚ ਰਾਜਪਾਲ ਤੋਂ ਮਾਮਲੇ ’ਚ ਦਖ਼ਲ ਦੇ ਕੇ ਸਬੰਧਤ ਅਧਿਕਾਰੀਆਂ ਨੂੰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।