ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੀਐੱਮ ਕੋਠੀ ਅੱਗੇ ਪ੍ਰਦਰਸ਼ਨ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਸੀਐੱਮ ਕੋਠੀ ਅੱਗੇ ਪ੍ਰਦਰਸ਼ਨ
Publish Date: Tue, 29 Sep 2026 06:19 PM (IST)
Updated Date: Wed, 30 Sep 2026 04:04 AM (IST)
ਫੋਟੋ–39 ਕੈਪਸ਼ਨ–ਸੰਗਰੂਰ ਵਿੱਚ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ ਕਰਦੇ ਹੋਏ ਅਕਾਲੀ ਆਗੂ। ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ ਪੁਲਿਸ ਤਸ਼ੱਦਦ ਦੇ ਸ਼ਿਕਾਰ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ 22 ਸਤੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਮੋਹਨਜੀਤ ਇਨਸਾਫ਼ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਲਾਏ ਪੱਕੇ ਮੋਰਚੇ ਵਿੱਚ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਲਾਕੇ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਕੋਪ ’ਤੇ ਗੋਲਡੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਈ ਪਰਿਵਾਰ ਉੱਜੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ਨੂੰ ਮੌਤ ਦੇ ਮੂੰਹ ਵਿੱਚ ਧੱਕਿਆ ਜਾ ਰਿਹਾ ਹੈ। ਸੂਬੇ ਵਿੱਚ ਲਗਾਤਾਰ ਨਸ਼ਿਆਂ ਦੀ ਤਸਕਰੀ, ਲੁੱਟ-ਖੋਹ, ਕਤਲ, ਗੁੰਡਾਗਰਦੀ ਆਦਿ ਦੀਆਂ ਘਟਨਾਵਾਂ ਵਧ ਰਹੀਆਂ ਹਨ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ। ਜ਼ਿਲ੍ਹੇ ਨਾਲ ਸਬੰਧਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਰੋਕਣ ਵਿੱਚ ਸਮਰੱਥ ਨਹੀਂ ਹੋ ਰਹੇ। ਪ੍ਰਦਰਸ਼ਨ ਦੌਰਾਨ ਮੰਗ ਕੀਤੀ ਗਈ ਕਿ ਇਲਾਕੇ ਵਿੱਚ ਖੁੱਲ੍ਹੇਆਮ ਨਸ਼ਾ ਵੇਚਣ ਵਾਲੇ ਕਥਿਤ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਗੁਲਜ਼ਾਰ ਸਿੰਘ ਤੂਰਬੰਜਾਰੇ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਨ ਸਮੇਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਕਥਿਤ ਤੌਰ ’ਤੇ ਹੋਏ ਤਸ਼ੱਦਦ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸਰਕਾਰ ਇਨ੍ਹਾਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਠੋਸ ਕਦਮ ਚੁੱਕੇ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਜਲਦ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਖਵਿੰਦਰ ਸਿੰਘ, ਸਤਗੁਰ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਜਗਜੀਤ ਸਿੰਘ, ਕਮਲਪਾਲ ਸਿੰਘ, ਪੁਸ਼ਪਿੰਦਰ ਸਿੰਘ, ਮਨਜੀਤ ਕੌਰ, ਪਰਵਿੰਦਰ ਕੌਰ ਆਦਿ ਮੌਜੂਦ ਸਨ।