- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਪੰਚ ਖ਼ਿਲਾਫ਼ ਕਾਰਵਾਈ ਲਈ ਸਪੀਕਰ 'ਤੇ ਸੀਐਮ ਦੀ ਕੋਠੀ ਅੱਗੇ ਧਰਨੇ

14 ਅਕਤੂਬਰ ਨੂੰ ਸਪੀਕਰ ਸੰਧਵਾਂ ਅਤੇ 15 ਨੂੰ ਸੀਐਮ ਦੀ ਕੋਠੀ ਅੱਗੇ ਹੋਵੇਗਾ ਰੋਸ ਪ੍ਰਦਰਸ਼ਨ
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਗੁਰਦੁਆਰਾ ਨੌਵੇਂ ਪਾਤਸ਼ਾਹ ਪਿੰਡ ਫੱਗੂਵਾਲਾ ਵਿਖੇ ਹੋਈ। ਇਸ ਮੌਕੇ ਜਥੇਬੰਦੀ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਲੋਕ ਕਵੀ ਅਵਤਾਰ ਸਿੰਘ ਪਾਸ਼ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਮੌਕੇ ਕਥਿਤ ਜਾਤੀ ਸੂਚਕ ਗਾਲਾਂ ਕੱਢਣ ਅਤੇ ਹਮਲਾ ਕਰਨ ਦੇ ਮਾਮਲੇ ਵਿੱਚ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਬਲਵਿੰਦਰ ਸਿੰਘ ਘਨੌੜ, ਜਸਵੀਰ ਸਿੰਘ ਗੱਗੜਪੁਰ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ 9 ਸਤੰਬਰ ਨੂੰ ਪਾਸ਼ ਦੇ 76ਵੇਂ ਜਨਮ ਦਿਹਾੜੇ ਦੀਆਂ ਤਿਆਰੀਆਂ ਕਰ ਰਹੇ ਮਜ਼ਦੂਰ ਆਗੂ ਅਤੇ ਕਹਾਣੀਕਾਰ ਹਰਮੇਸ਼ ਮਾਲੜੀ ਤੇ ਉਨ੍ਹਾਂ ਦੇ ਸਾਥੀਆਂ ਨਾਲ ਕਥਿਤ ਤੌਰ ’ਤੇ ਜਾਤੀ ਸੂਚਕ ਗਾਲਾਂ ਕੱਢਣ, ਹਮਲਾ ਕਰਨ ਅਤੇ ਇੱਕ ਮਜ਼ਦੂਰ ਕਾਰਕੁਨ ਦਾ ਮੋਬਾਈਲ ਖੋਹਣ ਦੀ ਘਟਨਾ ਵਾਪਰੀ ਸੀ। ਆਗੂਆਂ ਨੇ ਦੋਸ਼ ਲਾਇਆ ਕਿ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਸਰਪੰਚ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਨਹੀਂ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਲੇਖਕ, ਜਮਹੂਰੀ, ਮਜ਼ਦੂਰ, ਕਿਸਾਨ ਅਤੇ ਤਰਕਸ਼ੀਲ ਜਥੇਬੰਦੀਆਂ ਵੱਲੋਂ ਨਕੋਦਰ ਤਹਿਸੀਲ ਕੰਪਲੈਕਸ ਵਿਖੇ ਡੀਐੱਸਪੀ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਰੈਲੀ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਪੰਚ ਪ੍ਰਦੀਪ ਸਿੰਘ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਅਤੇ ਲੋਕ ਆਗੂਆਂ ਖ਼ਿਲਾਫ਼ ਲਗਾਤਾਰ ਗ਼ਲਤ ਰਵੱਈਆ ਅਪਣਾਇਆ ਜਾ ਰਿਹਾ ਹੈ।
14 ਅਤੇ 15 ਅਕਤੂਬਰ ਨੂੰ ਹੋਣਗੇ ਰੋਸ ਪ੍ਰਦਰਸ਼ਨ
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ 14 ਅਕਤੂਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਅਤੇ 15 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੀ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਵੇਗੀ।
ਆਗੂਆਂ ਨੇ ਮੰਗ ਕੀਤੀ ਕਿ ਸਰਪੰਚ ਪ੍ਰਦੀਪ ਸਿੰਘ ਖ਼ਿਲਾਫ਼ ਐੱਸਸੀ/ਐੱਸਟੀ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਇਲਾਵਾ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ਨੂੰ ਨਿੱਜੀ ਸਿਆਸੀ ਹਿੱਤਾਂ ਲਈ ਵਰਤਣਾ ਬੰਦ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਇਸ ਨੂੰ ਇਤਿਹਾਸਕ ਤੇ ਸਾਹਿਤਕ ਵਿਰਾਸਤ ਵਜੋਂ ਮਾਨਤਾ ਦੇਵੇ। ਇਸ ਮੌਕੇਕਰਮ ਚੰਦ ਪੰਨਵਾਂ, ਰਘਵੀਰ ਸਿੰਘ ਘਰਾਚੋਂ, ਕਸ਼ਮੀਰ ਸਿੰਘ ਆਲੋਅਰਖ, ਗੁਰਦੇਵ ਸਿੰਘ ਆਲੋਅਰਖ ਹਾਜ਼ਰ ਸਨ।