- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਆਰਟੀਸੀ ਠੇਕਾ ਮੁਲਾਜ਼ਮਾਂ ਕੀਤਾ ਚੱਕਾ ਜਾਮ

ਜਸਵੀਰ ਸਿੰਘ, ਪੰਜਾਬੀ ਜਾਗਰਣ
ਸੰਗਰੂਰ : ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਬੁੱਧਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ 4 ਜੂਨ ਨੂੰ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਕੁਝ ਮੁੱਦਿਆਂ ’ਤੇ ਸਹਿਮਤੀ ਬਣੀ ਸੀ, ਪਰ ਜੇਕਰ ਮੰਗਾਂ ਦਾ ਢੁੱਕਵਾਂ ਹੱਲ ਨਾ ਕੀਤਾ ਗਿਆ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ 10 ਜੂਨ ਨੂੰ ਚੱਕਾ ਜਾਮ ਕੀਤਾ ਜਾਵੇਗਾ। ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ 22 ਅਤੇ 23 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਸਰਕਾਰ ਬਣੇ ਚਾਰ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਸਰਕਾਰੀ ਵਿਭਾਗ ਵਿੱਚ ਇੱਕ ਵੀ ਨਵੀਂ ਬੱਸ ਨਹੀਂ ਲਾਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਬੱਸਾਂ ਚਲਾ ਕੇ ਨਿੱਜੀਕਰਨ ਵੱਲ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਲਾ ਕੇ ਯੂਨੀਅਨ ਵਰਕਰਾਂ ਅਤੇ ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਇਹ ਸਕੀਮ ਲਾਗੂ ਕੀਤੀ ਜਾ ਰਹੀ ਹੈ ਅਤੇ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹਾਂ ਵਿੱਚ ਰੱਖਿਆ ਗਿਆ ਹੈ।
ਗਰਮੀ ਵਿੱਚ ਤੜਫ਼ਦੇ ਰਹੇ ਯਾਤਰੀ : ਬੁੱਧਵਾਰ ਨੂੰ ਚੱਕਾ ਜਾਮ ਕਾਰਨ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਬੱਸ ਅੱਡੇ ’ਤੇ ਯਾਤਰੀਆਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸਭ ਤੋਂ ਵੱਧ ਦਿੱਕਤ ਬਜ਼ੁਰਗਾਂ, ਮਰੀਜ਼ਾਂ, ਮਹਿਲਾਵਾਂ ਅਤੇ ਛੋਟੇ ਬੱਚਿਆਂ ਨੂੰ ਆਈ। ਪੱਖੇ ਚੱਲਣ ਦੇ ਬਾਵਜੂਦ ਲੋਕ ਗਰਮੀ ਕਾਰਨ ਪਸੀਨੇ ਨਾਲ ਤਰਬਤਰ ਰਹੇ ਅਤੇ ਹੜਤਾਲ ਖੁੱਲ੍ਹਣ ਦੀ ਉਡੀਕ ਕਰਦੇ ਰਹੇ। ਕਈ ਯਾਤਰੀ ਭਾਰੀ ਝੋਲੇ ਚੁੱਕ ਕੇ ਜਾਂ ਘਸੀਟਦੇ ਹੋਏ ਪੈਦਲ ਜਾਣ ਲਈ ਮਜਬੂਰ ਹੋਏ, ਜਦਕਿ ਕੁਝ ਲੋਕ ਲੰਬੇ ਇੰਤਜ਼ਾਰ ਤੋਂ ਬਾਅਦ ਆਪਣੇ ਘਰ ਵਾਪਸ ਮੁੜ ਗਏ।
ਕਾਮਿਆਂ ਦੀ ਆਵਾਜ਼ ਦਬਾਉਣ ਦੇ ਦੋਸ਼ : ਡਿਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਵਾਈਸ ਸੂਬਾ ਆਗੂ ਕਰਮਜੀਤ ਸਿੰਘ ਕਰਮਾ ਅਤੇ ਵਾਈਸ ਪ੍ਰਧਾਨ ਪਰਮਿੰਦਰ ਸਿੰਘ ਜੱਸਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਉਨ੍ਹਾਂ ਦੀ ਆਵਾਜ਼ ਦਬਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਜਦ ਤੱਕ ਇਹ ਫ਼ੈਸਲੇ ਲਾਗੂ ਨਹੀਂ ਹੁੰਦੇ, ਉਦੋਂ ਤੱਕ ਕਰਮਚਾਰੀ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਮਾਨਯੋਗ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ “ਸਮਾਨ ਕੰਮ, ਸਮਾਨ ਤਨਖਾਹ” ਵਾਲੇ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ।
ਕਾਲੇ ਝੰਡਿਆਂ ਨਾਲ ਕੀਤਾ ਜਾਵੇਗਾ ਵਿਰੋਧ : ਖਜ਼ਾਨਚੀ ਸਤਵਿੰਦਰ ਸਿੰਘ ਦਿਆਲਗੜ੍ਹ ਜੇਜੀਆਂ, ਵਾਈਸ ਕੈਸ਼ੀਅਰ ਰਿੰਕੂ ਨਾਥ ਪਾਤੜਾਂ, ਵਾਈਸ ਪ੍ਰਧਾਨ ਪੁਸ਼ਪਿੰਦਰ ਸਿੰਘ ਸਮਾਣਾ ਅਤੇ ਬਲਕਾਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਐਲਾਨ ਕਰ ਰਹੀ ਹੈ, ਜਦਕਿ ਦੂਜੇ ਪਾਸੇ ਬਿਜਲੀ ਵਿਭਾਗ ਦੇ ਲਾਈਨਮੈਨਾਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਦੀ ਬਜਾਏ ਕਿਲੋਮੀਟਰ ਸਕੀਮ ਦੀਆਂ ਬੱਸਾਂ ਚਲਾਈਆਂ ਗਈਆਂ ਤਾਂ ਉਹ ਤੁਰੰਤ ਹੜਤਾਲ ਕਰਨਗੇ ਅਤੇ ਕਾਲੇ ਝੰਡੇ ਲੈ ਕੇ ਸਰਕਾਰ ਦਾ ਵਿਰੋਧ ਕਰਨਗੇ।