- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਵਿੱਚ ਛੱਠ ਪੂਜਾ ਦੇ ਜਸ਼ਨਾਂ ’ਚ ਸ਼ਿਰਕਤ ਕਰ ਕੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸਾਰਿਆਂ ਦੀ ਖ਼ੁਸ਼ੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਵਿੱਚ ਛੱਠ ਪੂਜਾ ਦੇ ਜਸ਼ਨਾਂ ’ਚ ਸ਼ਿਰਕਤ ਕਰ ਕੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਸਾਰਿਆਂ ਦੀ ਖ਼ੁਸ਼ੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇੱਕ-ਦੂਜੇ ਦੇ ਤਿਉਹਾਰ ਉਤਸ਼ਾਹ ਨਾਲ ਮਨਾਉਣ ਨਾਲ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਵਿਰਾਸਤ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਸ਼ਰਧਾ ਤੇ ਉਤਸ਼ਾਹ ਨਾਲ ਛੱਠ ਪੂਜਾ ਮਨਾ ਰਹੇ ਹਨ। ਉਨ੍ਹਾਂ ਛਠੀ ਮਈਆ ਅਤੇ ਸੂਰਜ ਦੇਵ ਅੱਗੇ ਸਾਰਿਆਂ ਦੀ ਸ਼ਾਂਤੀ, ਸਿਹਤ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਡੁੱਬਦੇ ਅਤੇ ਚੜ੍ਹਦੇ ਸੂਰਜ ਦੋਵਾਂ ਨੂੰ ਅਰਘ ਦੇਣ ਦੀ ਪਰੰਪਰਾ ਸਾਨੂੰ ਜੀਵਨ ਦੇ ਹਰ ਪੜਾਅ ਅਤੇ ਹਰ ਵਿਅਕਤੀ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਇਹ ਤਿਉਹਾਰ ਸਫ਼ਾਈ, ਸੰਜਮ, ਅਨੁਸ਼ਾਸਨ ਅਤੇ ਕੁਦਰਤ ਨਾਲ ਜੁੜਨ ਦਾ ਸੁਨੇਹਾ ਵੀ ਦਿੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਿਹਾਰ ਅਤੇ ਪੂਰਵਾਂਚਲ ਦੇ ਲੋਕਾਂ ਨਾਲ ਪੰਜਾਬ ਦਾ ਰਿਸ਼ਤਾ ਰੋਜ਼ਗਾਰ ਤੋਂ ਅੱਗੇ ਸੱਭਿਆਚਾਰਕ ਸਾਂਝ, ਭਰੋਸੇ, ਪਿਆਰ ਅਤੇ ਭਾਈਚਾਰੇ ਨਾਲ ਜੁੜਿਆ ਹੋਇਆ ਹੈ। ਪੰਜਾਬ ਵਿੱਚ ਰਹਿਣ ਵਾਲਾ ਹਰ ਵਿਅਕਤੀ ਸਾਡੇ ਵੱਡੇ ਪਰਿਵਾਰ ਦਾ ਹਿੱਸਾ ਹੈ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਹਰ ਵਰਗ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਨੇ ਛੱਠ ਪੂਜਾ ਲਈ ਸੂਬੇ ਵਿੱਚ 104 ਥਾਵਾਂ ਦੀ ਪਛਾਣ ਕਰ ਕੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ, ਆਸਥਾ, ਏਕਤਾ ਅਤੇ ਸਮੂਹਿਕ ਸ਼ਮੂਲੀਅਤ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦਾ ਹੈ।
ਮੁੱਖ ਮੰਤਰੀ ਨੇ ਪਰਵਾਸੀ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਸਿੱਖਿਆ ਦਿਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਸਿੱਖਿਆ ਲਈ ਚੰਗੇ ਸਕੂਲ ਸਥਾਪਤ ਕਰ ਰਹੀ ਹੈ, ਤਾਂ ਜੋ ਹਰ ਵਰਗ ਦੇ ਬੱਚੇ ਪੜ੍ਹ-ਲਿਖ ਕੇ ਅਫ਼ਸਰ ਬਣਨ ਦੇ ਸੁਪਨੇ ਦੇਖ ਸਕਣ ਅਤੇ ਸਮਾਜ ਵਿੱਚ ਯੋਗਦਾਨ ਪਾ ਸਕਣ।