- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਮਨਰੇਗਾ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਗਰੀਬ ਅਤੇ ਮਜ਼ਦੂਰ ਵਰਗ ਨੂੰ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਮਨਰੇਗਾ ਯੋਜਨਾ ਦੇ ਨਾਂ ਅਤੇ ਨੀਤੀ ਵਿੱਚ ਬਦਲਾਅ ਦੇ ਵਿਰੋਧ ਵਿੱਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਅਨਾਜ ਮੰਡੀ ਵਿੱਚ ‘ਮਨਰੇਗਾ ਬਚਾਓ ਸੰਘਰਸ਼’ ਦੇ ਤਹਿਤ ਵੱਡੇ ਪੱਧਰ ’ਤੇ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਯੋਜਨਾ ਦਾ ਨਾਮ ਬਦਲ ਕੇ ‘ਵਿਕਸਿਤ ਭਾਰਤ ਜੀ ਰਾਮ ਜੀ ਯੋਜਨਾ’ ਕਰਨ ਅਤੇ ਇਸ ਵਿੱਚ ਕੀਤੀਆਂ ਤਬਦੀਲੀਆਂ ਦਾ ਤਿੱਖਾ ਵਿਰੋਧ ਕੀਤਾ ਗਿਆ। ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਐਲਾਨ ਕਰਦਿਆਂ ਕਾਂਗਰਸ ਵੱਲੋਂ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਣ ਦਾ ਐਲਾਨ ਕੀਤਾ।
ਰੈਲੀ ਦੌਰਾਨ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ ਗਿਆ ਅਤੇ ਸਾਫ਼ ਸ਼ਬਦਾਂ ਵਿੱਚ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਤਕੜੀ ਚੁਣੌਤੀ ਦੇਣ ਦੀ ਗੱਲ ਆਖੀ ਗਈ। ਰੈਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਗਰੂਰ ਤੋਂ ਕਾਂਗਰਸੀ ਆਗੂ ਵਿਜੈਇੰਦਰ ਸਿੰਘ ਸਿੰਗਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਮਨਰੇਗਾ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਗਰੀਬ ਅਤੇ ਮਜ਼ਦੂਰ ਵਰਗ ਨੂੰ ਭਾਰੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਮਨਰੇਗਾ ਯੋਜਨਾ ਦੇ ਨਾਂ ਅਤੇ ਨੀਤੀ ਵਿੱਚ ਬਦਲਾਅ ਦੇ ਵਿਰੋਧ ਵਿੱਚ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਮਰਹੂਮ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਗਰੀਬ ਵਰਗ ਲਈ ਸ਼ੁਰੂ ਕੀਤੀ ਗਈ ਇਹ ਰੁਜ਼ਗਾਰ ਯੋਜਨਾ ਕਿਸੇ ਵੀ ਕੀਮਤ ’ਤੇ ਖ਼ਤਮ ਨਹੀਂ ਹੋਣ ਦਿੱਤੀ ਜਾਵੇਗੀ। ਮਜ਼ਦੂਰਾਂ ਅਤੇ ਗਰੀਬ ਪਰਿਵਾਰਾਂ ਦੇ ਹੱਕਾਂ ਲਈ ਹਰ ਮੋਰਚੇ ’ਤੇ ਸੰਘਰਸ਼ ਕੀਤਾ ਜਾਵੇਗਾ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਂ ਬਦਲਣਾ ਅਤੇ ਨਿਯਮਾਂ ਵਿੱਚ ਤਬਦੀਲੀਆਂ ਕਰਨਾ ਮਜ਼ਦੂਰਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਬਦੀਲੀਆਂ ਨਾਲ ਮਜ਼ਦੂਰਾਂ ਨੂੰ ਕੋਈ ਲਾਭ ਨਹੀਂ ਮਿਲੇਗਾ, ਸਗੋਂ ਉਹ ਲੋਕ ਨੁਕਸਾਨ ਵਿੱਚ ਰਹਿਣਗੇ, ਜੋ ਸਾਲਾਂ ਤੋਂ ਇਸ ਯੋਜਨਾ ਦਾ ਲਾਭ ਲੈ ਰਹੇ ਸਨ। ਮਨਰੇਗਾ ਕਾਂਗਰਸ ਦੀ ਦੇਣ ਹੈ, ਜਿਸ ਨਾਲ ਲੱਖਾਂ ਗਰੀਬ ਪਰਿਵਾਰਾਂ ਨੂੰ ਰੁਜ਼ਗਾਰ ਮਿਲਿਆ, ਪਰ ਕੇਂਦਰ ਸਰਕਾਰ ਇਸ ਸੱਚ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ ਅਤੇ ਇਸੇ ਕਾਰਨ ਯੋਜਨਾ ਦਾ ਨਾਮ ਬਦਲਿਆ ਗਿਆ ਹੈ, ਜੋ ਕਿ ਸ਼ਰਮਨਾਕ ਹੈ। ਰਾਜਾ ਵੜਿੰਗ ਨੇ ਕੇਂਦਰ ਸਰਕਾਰ ਤੋਂ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਇਸ ਦੌਰਾਨ ਆਮ ਆਦਮੀ ਪਾਰਟੀ ਦੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਤੇ ਗਏ ਕਥਿਤ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਆਤਿਸ਼ੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜੇ ਇਹ ਬਿਆਨ ਗਲਤੀ ਨਾਲ ਦਿੱਤਾ ਗਿਆ ਹੈ ਤਾਂ ਉਨ੍ਹਾਂ ਨੂੰ ਜਨਤਕ ਤੌਰ ’ਤੇ ਗੁਰੂ ਸਾਹਿਬਾਨ ਅਤੇ ਪੰਜਾਬ ਦੇ ਲੋਕਾਂ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ। ਪੰਜਾਬ ਦੇ ਲੋਕ ਇਸ ਤਰ੍ਹਾਂ ਦੀਆਂ ਗੱਲਾਂ ਨੂੰ ਸਹਿਣ ਨਹੀਂ ਕਰਨਗੇ।
ਮੁੱਖ ਮੰਤਰੀ ਦੇ ਪਿੰਡ ਸਤੌਜ ਵਿੱਚ ਲਗਾਵਾਂਗਾ ਡੇਰਾ : ਰੰਧਾਵਾ
ਸੀਨੀਅਰ ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਜੋਸ਼ੀਲੇ ਅੰਦਾਜ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਖੁਦ ਪਿੰਡ ਸਤੌਜ ਜਾ ਕੇ ਚੋਣ ਪ੍ਰਚਾਰ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਆਪਣੇ ਪਿੰਡ ਤੋਂ ਹੀ ਚੋਣ ਹਰਾਉਣਗੇ। ਇਸ ਮੌਕੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸੁਮਿਤ ਸਿੰਘ ਮਾਨ, ਦੁਰਲਭ ਸਿੰਘ ਸਿੱਧੂ, ਰਾਹੁਲਇੰਦਰ ਸਿੰਘ ਭੱਠਲ, ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਜਸਵੀਰ ਸਿੰਘ ਧੀਮਾਨ, ਵਿਧਾਇਕ ਕਾਲਾ ਢਿੱਲੋਂ ਹਾਜ਼ਰ ਸਨ।