- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਭਰਤੀ ਨਾਲ ਨੌਜਵਾਨਾਂ ਲਈ ਖੁੱਲ੍ਹੇ ਰੋਜ਼ਗਾਰ ਦੇ ਰਾਹ

ਮੁਕੇਸ਼ ਸਿੰਗਲਾ ਪੰਜਾਬੀ ਜਾਗਰਣ,
ਭਵਾਨੀਗੜ੍ਹ : ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ’ਤੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਪੁਲਿਸ ਵਿਭਾਗ ਵਿੱਚ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵਧਣ ਦੇ ਨਾਲ ਪੁਲਿਸ ਫੋਰਸ ਨੂੰ ਵੀ ਹੋਰ ਮਜ਼ਬੂਤੀ ਮਿਲ ਸਕਦੀ ਹੈ।
ਡਾ. ਜਵੰਧਾ ਨੇ ਕਿਹਾ ਕਿ ਨੌਜਵਾਨਾਂ ਲਈ ਸਰਕਾਰੀ ਸੇਵਾ ਵਿੱਚ ਆਉਣ ਦੇ ਮੌਕੇ ਪੈਦਾ ਕਰਨਾ ਅਤੇ ਪੁਲਿਸ ਵਿਭਾਗ ਦੀ ਮਨੁੱਖੀ ਸਮਰੱਥਾ ਨੂੰ ਵਧਾਉਣਾ ਦੋਵੇਂ ਪੱਖ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਅੱਗੇ ਵਧਾਉਣਾ ਚਾਹੀਦਾ ਹੈ, ਤਾਂ ਜੋ ਯੋਗ ਉਮੀਦਵਾਰਾਂ ਨੂੰ ਆਪਣੀ ਕਾਬਲੀਅਤ ਦੇ ਆਧਾਰ ’ਤੇ ਮੌਕਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਲੋੜੀਂਦੀ ਨਫ਼ਰੀ ਹੋਣ ਨਾਲ ਜ਼ਮੀਨੀ ਪੱਧਰ ’ਤੇ ਪੁਲਿਸਿੰਗ ਨੂੰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲ ਸਕਦੀ ਹੈ। ਉਨ੍ਹਾਂ ਅਨੁਸਾਰ ਪੰਜਾਬ ਪੁਲਿਸ ਵਿੱਚ ਭਰਤੀ ਸਿਰਫ਼ ਨੌਕਰੀਆਂ ਪੈਦਾ ਕਰਨ ਦਾ ਮਾਮਲਾ ਨਹੀਂ, ਸਗੋਂ ਨੌਜਵਾਨਾਂ ਨੂੰ ਜ਼ਿੰਮੇਵਾਰ ਸਰਕਾਰੀ ਸੇਵਾ ਨਾਲ ਜੋੜਨ ਦਾ ਵੀ ਮੌਕਾ ਹੈ।
ਨਵੀਂ ਭਰਤੀ ਨਾਲ ਪੁਲਿਸ ਫੋਰਸ ਨੂੰ ਮਿਲੇਗੀ ਮਜ਼ਬੂਤੀ
ਸਰਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵਿੱਚ ਏਐੱਸਆਈ ਦੀਆਂ 6,810 ਮਨਜ਼ੂਰਸ਼ੁਦਾ ਅਸਾਮੀਆਂ ਹਨ। ਇਨ੍ਹਾਂ ਵਿੱਚ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਬਿਊਰੋ ਆਫ਼ ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਸਰਵਿਸ ਦੇ ਕਾਡਰ ਸ਼ਾਮਲ ਹਨ। 450 ਅਸਾਮੀਆਂ ਦੀ ਸਿੱਧੀ ਭਰਤੀ ਦਾ ਫੈਸਲਾ ਮੌਜੂਦਾ ਅਤੇ ਸੰਭਾਵਿਤ ਖਾਲੀ ਅਸਾਮੀਆਂ ਦੇ ਮੁਲਾਂਕਣ ਤੋਂ ਬਾਅਦ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਭਰਤੀ ਦੇ ਨਾਲ-ਨਾਲ ਪੁਲਿਸ ਮੁਲਾਜ਼ਮਾਂ ਨੂੰ ਆਧੁਨਿਕ ਸਿਖਲਾਈ, ਲੋੜੀਂਦੇ ਸਾਧਨ ਅਤੇ ਬਿਹਤਰ ਕਾਰਜ-ਵਾਤਾਵਰਣ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਮੌਕੇ ਮਿਲਣ ਅਤੇ ਪੁਲਿਸ ਵਿਭਾਗ ਦੀ ਸਮਰੱਥਾ ਵਧਣ ਨਾਲ ਸੂਬੇ ਦੀ ਪ੍ਰਸ਼ਾਸਨਿਕ ਅਤੇ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ।