- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਆਖਿਆ ਕਿ ਵਿਰੋਧੀਆਂ ਵੱਲੋਂ ਪਾਰਟੀ ਦੀ ਇਕਜੁੱਟਤਾ ਬਾਰੇ ਭਰਮ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਪਹਿਲੀ ਸੂਚੀ ਦੇ ਐਲਾਨ ਨੇ ਇਨ੍ਹਾਂ ਚਰਚਾਵਾਂ ਨੂੰ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਂਝੇ ਉਦੇਸ਼ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਉਨ੍ਹਾਂ ਲਈ ਸਭ ਤੋਂ ਅਹਿਮ ਹਨ।

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨੇ ਗਏ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹਾਰ ਬਾਰੇ ਕੀਤੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ ਚੁਣੌਤੀ ਦਿੱਤੀ ਕਿ ਚੰਨੀ ਇਨ੍ਹਾਂ 40 ਹਲਕਿਆਂ ਵਿੱਚੋਂ ਆਪਣੀ ਪਸੰਦ ਦੇ ਕਿਸੇ ਵੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਰੁੱਧ ਚੋਣ ਲੜ ਕੇ ਲੋਕਾਂ ਦਾ ਫ਼ੈਸਲਾ ਦੇਖ ਲੈਣ। ਉਂਜ ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਅੰਤਿਮ ਫ਼ੈਸਲਾ ਲੋਕਾਂ ਨੇ ਕਰਨਾ ਹੁੰਦਾ ਹੈ।
ਐਤਵਾਰ ਨੂੰ ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਨਾਲ ਵਿਰੋਧੀਆਂ ਵੱਲੋਂ ਪਾਰਟੀ ਵਿੱਚ ਫੁੱਟ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬੇਬੁਨਿਆਦ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਲੋਕ ਸੇਵਾ ਵਿੱਚ ਜੁਟੇ ਹੋਏ ਹਨ।
ਉਨ੍ਹਾਂ ਆਖਿਆ ਕਿ ਵਿਰੋਧੀਆਂ ਵੱਲੋਂ ਪਾਰਟੀ ਦੀ ਇਕਜੁੱਟਤਾ ਬਾਰੇ ਭਰਮ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਪਹਿਲੀ ਸੂਚੀ ਦੇ ਐਲਾਨ ਨੇ ਇਨ੍ਹਾਂ ਚਰਚਾਵਾਂ ਨੂੰ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਂਝੇ ਉਦੇਸ਼ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਉਨ੍ਹਾਂ ਲਈ ਸਭ ਤੋਂ ਅਹਿਮ ਹਨ।
ਐਲਾਨ ਕੀਤੇ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਉਨ੍ਹਾਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂ ਸ਼ਾਮਲ ਨਾ ਹੋਣ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਦੌਰਾਨ ਉਨ੍ਹਾਂ ਦੋਵਾਂ ਨੇ ਖ਼ੁਦ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀਆਂ ਉਮੀਦਵਾਰੀਆਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇ। ਸੁਨਾਮ ਹਲਕਾ ਛੱਡਣ ਜਾਂ ਪਾਰਟੀ ਬਦਲਣ ਦੀਆਂ ਚਰਚਾਵਾਂ ਨੂੰ ਮੁੱਢੋਂ ਖ਼ਾਰਜ ਕਰਦਿਆਂ ਅਰੋੜਾ ਨੇ ਕਿਹਾ ਕਿ ਸੁਨਾਮ ਨਾਲ ਉਨ੍ਹਾਂ ਦੀ ਸਾਂਝ ਪਰਿਵਾਰਕ ਅਤੇ ਭਾਵਨਾਤਮਕ ਹੈ।