- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਜੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਇੱਕ ਮਹੀਨੇ ਦੇ ਅੰਦਰ ਗੈਂਗਸਟਰਵਾਦ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਸੂਬੇ ਦੀ ‘ਆਪ’ ਸਰਕਾਰ ਗੈਂਗਸਟਰਵਾਦ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ।

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਜੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਇੱਕ ਮਹੀਨੇ ਦੇ ਅੰਦਰ ਗੈਂਗਸਟਰਵਾਦ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਸੂਬੇ ਦੀ ‘ਆਪ’ ਸਰਕਾਰ ਗੈਂਗਸਟਰਵਾਦ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀਆਂ ਹਨ।
ਮਲੇਰਕੋਟਲਾ ਵਿੱਚ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕੀਤੀ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਦਿਨ-ਦਿਹਾੜੇ ਕਤਲਾਂ ਅਤੇ ਫਿਰੌਤੀਆਂ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ, “ਜੇ ਵਾਹਿਗੁਰੂ ਨੇ ਸੁੱਖ ਰੱਖੀ ਤਾਂ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ’ਤੇ ਇੱਕ ਮਹੀਨੇ ਅੰਦਰ ਗੈਂਗਸਟਰਵਾਦ ਖ਼ਤਮ ਕਰ ਦਿੱਤਾ ਜਾਵੇਗਾ।”
ਅਕਾਲੀ ਦਲ ਵੱਲੋਂ ਭਾਜਪਾ ਨਾਲ ਮੁੜ ਸਮਝੌਤੇ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਸਵਾਲ ’ਤੇ ਰਾਜਾ ਵੜਿੰਗ ਨੇ ਕਿਹਾ ਕਿ ਦੋਵੇਂ ਪਾਰਟੀਆਂ ਪਹਿਲਾਂ ਹੀ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇ ਇਹ ਸਿਆਸੀ ਸਮਝੌਤਾ ਖੁੱਲ੍ਹ ਕੇ ਸਾਹਮਣੇ ਆ ਜਾਂਦਾ ਹੈ ਤਾਂ ਚੰਗਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ ਦੀ ਭਾਜਪਾ ਨਾਲ ਸਾਂਝ ਹੋਣ ਕਾਰਨ ਕਾਂਗਰਸ ਨੂੰ ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ।
ਧਰਨੇ ਦੇ ਰਹੇ ਮੁਲਾਜ਼ਮਾਂ ਦੇ ਮੁੱਦੇ ’ਤੇ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਹਾਲੇ ਇਨ੍ਹਾਂ ਮੁਲਾਜ਼ਮਾਂ ਨੇ “ਟ੍ਰੇਲਰ” ਹੀ ਦਿਖਾਇਆ ਹੈ, ਜਦਕਿ ਪੂਰਾ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮਨਰੇਗਾ ਮੁਲਾਜ਼ਮਾਂ, ਸਫ਼ਾਈ ਸੇਵਕਾਂ ਅਤੇ ਪਟਵਾਰੀਆਂ ਸਮੇਤ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਆਦਤ ਪਾਉਣੀ ਚਾਹੀਦੀ ਹੈ।
ਮੁੱਖ ਮੰਤਰੀ ’ਤੇ ਤਿੱਖਾ ਹਮਲਾ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ “ਅਹਿਮਦ ਸ਼ਾਹ ਅਬਦਾਲੀ ਵੀ ਇੰਨਾ ਹੰਕਾਰੀ ਨਹੀਂ ਹੋਇਆ ਹੋਵੇਗਾ, ਜਿੰਨਾ ਹੰਕਾਰ ਮੁੱਖ ਮੰਤਰੀ ਨੇ ਚੁੱਕਿਆ ਹੋਇਆ ਹੈ।” ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਆਪਣੇ ਹੱਕਾਂ ਲਈ ਧਰਨਾ ਦੇਣ ਅਤੇ ਰੋਸ ਪ੍ਰਗਟ ਕਰਨ ਦਾ ਅਧਿਕਾਰ ਹੈ। ਜਦੋਂ ਸਰਕਾਰਾਂ ਲੋਕਾਂ ਦੀ ਗੱਲ ਨਹੀਂ ਸੁਣਦੀਆਂ ਤਾਂ ਲੋਕਾਂ ਨੂੰ ਧਰਨੇ ਲਾਉਣ ਲਈ ਮਜਬੂਰ ਹੋਣਾ ਪੈਂਦਾ ਹੈ।
ਇਸ ਮੌਕੇ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿ ਨਿਸ਼ਾਤ ਅਖ਼ਤਰ, ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ, ਸੰਸਦ ਮੈਂਬਰ ਅਮਰ ਸਿੰਘ, ਕਮਲ ਧਾਲੀਵਾਲ, ਸਾਬਕਾ ਵਿਧਾਇਕ ਜੱਸੀ ਖੰਗੂੜਾ ਸਮੇਤ ਕਾਂਗਰਸ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।