- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੱਕੇਸ਼ਾਹੀ ਦੀ ਰਾਜਨੀਤੀ ਨੂੰ ਪੰਜਾਬੀ ਕਦੇ ਪ੍ਰਵਾਨ ਨਹੀਂ ਕਰਦੇ : ਝੂੰਦਾਂ

ਮਹਾਂਵੀਰ ਗੋਇਲ,ਪੰਜਾਬੀ ਜਾਗਰਣ,
ਅਹਿਮਦਗੜ੍ਹ : ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੱਕੇਸ਼ਾਹੀ ਅਤੇ ਜ਼ਬਰ ਦੀ ਰਾਜਨੀਤੀ ਨੂੰ ਨਕਾਰਿਆ ਹੈ ਅਤੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਸਵੈਮਾਣ ਦੀ ਰਾਖੀ ਕਰਨ ਵਾਲੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਅੱਜ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਬਦਲਾਅ ਦੀ ਉਮੀਦ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਲਗਾਤਾਰ ਜੁੜ ਰਹੇ ਹਨ। ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਇੰਚਾਰਜ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਨਜ਼ਦੀਕੀ ਪਿੰਡ ਬੋੜਹਾਈ ਕਲਾਂ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸਰਦਾਰ ਝੂੰਦਾਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਰਫ਼ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਪੰਜਾਬੀਅਤ ਅਤੇ ਪੰਜਾਬ ਦੇ ਭਵਿੱਖ ਦੀ ਆਵਾਜ਼ ਬਣ ਕੇ ਉੱਭਰ ਰਿਹਾ ਹੈ। ਪਾਰਟੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ, ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਅਤੇ ਪੰਜਾਬ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਮਜ਼ਬੂਤ ਸਿਆਸੀ ਬਦਲ ਪੇਸ਼ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਲੰਮੇ ਸਮੇਂ ਤੋਂ ਅਜਿਹੀ ਸਿਆਸਤ ਦੀ ਲੋੜ ਮਹਿਸੂਸ ਕੀਤੀ ਹੈ ਜੋ ਸੱਤਾ ਲਈ ਨਹੀਂ, ਬਲਕਿ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਲੜੇ। ਅਕਾਲੀ ਦਲ ਵਾਰਿਸ ਪੰਜਾਬ ਦੇ ਇਸੇ ਸੋਚ ਨਾਲ ਲੋਕਾਂ ਵਿੱਚ ਜਾ ਰਿਹਾ ਹੈ ਅਤੇ ਪਿੰਡਾਂ-ਸ਼ਹਿਰਾਂ ਵਿੱਚ ਪਾਰਟੀ ਨੂੰ ਮਿਲ ਰਿਹਾ ਹੁੰਗਾਰਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਆਪਣੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਮਜ਼ਬੂਤੀ, ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਪਾਰਟੀ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮਜ਼ਬੂਤੀ ਲਈ ਯੋਗਦਾਨ ਪਾਉਣ।
ਇਸ ਮੌਕੇ ਪਿੰਡ ਵਾਸੀਆਂ ਵੱਲੋਂ ਇਕਬਾਲ ਸਿੰਘ ਝੂੰਦਾ ਦਾ ਸਵਾਗਤ ਕਰਦਿਆਂ ਪਾਰਟੀ ਨੂੰ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਕੁਲਵੰਤ ਸਿੰਘ ਸੋਹਲ ਸ਼ਹਿਰੀ ਪ੍ਰਧਾਨ, ਇੰਦਰ ਸਿੰਘ ਘਟੌੜਾ, ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਜੱਸਲ, ਨਵਜੋਤ ਸਿੰਘ ਜੋਤੀ ਅਹਿਮਦਗੜ੍ਹ ਹਾਜ਼ਰ ਸਨ।