- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਬੀਰਕਲਾਂ ਸਾਥੀਆਂ ਸਣੇ ਪਟਿਆਲਾ ਧਰਨੇ ਲਈ ਹੋਏ ਰਵਾਨਾ

ਕਿਹਾ- " ਆਪ " ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ
ਸਰਕਾਰ ਦੀ ਨਾਅਹਿਲੀਅਤ ਕਾਰਨ ਲੱਗ ਰਹੇ ਬਿਜਲੀ ਕੱਟ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸੂਬੇ ਅੰਦਰ ਲੱਗ ਰਹੇ ਲੰਮੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਕਮੇਟੀ ਵੱਲੋਂ ਪਟਿਆਲਾ ਸਥਿਤ ਬਿਜਲੀ ਦਫ਼ਤਰ ਦੇ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਕਾਂਗਰਸੀ ਵਰਕਰ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਅਗਵਾਈ ਹੇਠ ਰਵਾਨਾ ਹੋਏ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਮਾੜੀ ਸਪਲਾਈ ਕਾਰਨ ਆਮ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ’ਤੇ ਲਗਾਤਾਰ ਬਿਜਲੀ ਕੱਟ ਲੱਗਣ ਕਾਰਨ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਵਪਾਰੀਆਂ, ਕਿਸਾਨਾਂ ਅਤੇ ਉਦਯੋਗਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਕਮੇਟੀ ਵੱਲੋਂ ਬਿਜਲੀ ਕੱਟਾਂ ਅਤੇ ਬਿਜਲੀ ਪ੍ਰਬੰਧ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਹ ਧਰਨਾ ਆਮ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਅਤੇ ਪੰਜਾਬ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਨੂੰ ਲੈਕੇ ਦਿੱਤਾ ਜਾ ਰਿਹਾ ਹੈ।ਰਾਜਾ ਬੀਰਕਲਾਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਕੱਟਾਂ ਦੀ ਸਮੱਸਿਆ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਹਿੱਤ ਦੇ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖੇਗੀ।