- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਬੀਰਕਲਾਂ ਨੇ ਸੂਬਾ ਸਰਕਾਰ 'ਤੇ ਸਾਧਿਆ ਨਿਸ਼ਾਨਾ

ਕਿਹਾ- ਮੰਤਰੀਆਂ ਤੇ ਭਾਰੂ ਪੈ ਰਿਹਾ ਵੀਆਈਪੀ ਕਲਚਰ
ਮੰਤਰੀਆਂ ਨੇ ਚੋਣਾਂ ਤੋਂ ਪਹਿਲਾਂ ਕੀਤੇ ਐਲਾਨਾਂ ਤੋਂ ਮੋੜਿਆਂ ਮੂੰਹ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਟਕਸਾਲੀ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਮੌਜੂਦਾ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਚੋਣਾਂ ਤੋਂ ਪਹਿਲਾਂ ਕੀਤੇ ਐਲਾਨਾਂ ਤੋਂ ਮੂੰਹ ਮੋੜਕੇ ਪੁਲਿਸ ਦੀਆਂ ਗੱਡੀਆਂ ਦੇ ਕਾਫਲੇ ਨਾਲ ਹਲਕੇ ਵਿੱਚ ਘੁੰਮ ਰਹੇ ਹਨ ਜਦਕਿ ਕੰਮ ਕਾਰ ਲਈ ਆਈ ਜਨਤਾ ਥਾਣਿਆਂ ਅਤੇ ਡੀਐਸਪੀ ਦਫ਼ਤਰਾਂ ਮੂਹਰੇ ਖੱਜਲ ਖੁਆਰ ਹੋ ਰਹੀ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦਾ ਇਲਜ਼ਾਮ ਲਾਇਆ ਅਤੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਚੁੱਕਿਆ।
ਰਾਜਾ ਬੀਰਕਲਾਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੌਜੂਦਾ ਸਰਕਾਰ ਦੇ ਆਗੂਆਂ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਉਹ ਵੀਆਈਪੀ ਕਲਚਰ ਖ਼ਤਮ ਕਰਨਗੇ ਅਤੇ ਕੋਈ ਵੀ ਮੰਤਰੀ ਜਾਂ ਵਿਧਾਇਕ ਸਰਕਾਰੀ ਸੁਰੱਖਿਆ (ਸਕਿਓਰਟੀ) ਨਹੀਂ ਲਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਹਾਲਾਤ ਇਸ ਦੇ ਬਿਲਕੁਲ ਉਲਟ ਹਨ ਅਤੇ ਸਰਕਾਰ ਦੇ ਇੱਕ-ਇੱਕ ਮੰਤਰੀ ਹਲਕੇ ਦੇ ਪਿੰਡਾਂ ਵਿੱਚ ਛੇ-ਛੇ ਗੱਡੀਆਂ ਦੇ ਕਾਫ਼ਲੇ ਲੈ ਕੇ ਘੁੰਮ ਰਹੇ ਹਨ। ਉਨ੍ਹਾਂ ਇਸ ਨੂੰ ਜਨਤਾ ਨਾਲ ਕੀਤਾ ਗਿਆ ਧੋਖਾ ਕਰਾਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਪ੍ਰਸ਼ਾਸਨਿਕ ਢਾਂਚੇ ਦੀ ਢਿੱਲੀ ਕਾਰਗੁਜ਼ਾਰੀ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਮੰਤਰੀਆਂ ਦੀ ਸੁਰੱਖਿਆ ਵਿੱਚ ਤਾਇਨਾਤ ਹੋਣ ਕਾਰਨ ਆਮ ਲੋਕਾਂ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਰਾਜਾ ਬੀਰਕਲਾਂ ਅਨੁਸਾਰ ਥਾਣਿਆਂ ਅਤੇ ਡੀਐਸਪੀ ਦਫ਼ਤਰਾਂ ਵਿੱਚ ਆਪਣੇ ਰੋਜ਼ਾਨਾ ਦੇ ਕੰਮਾਂ-ਕਾਰਾਂ ਲਈ ਆਉਣ ਵਾਲੇ ਆਮ ਨਾਗਰਿਕਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਲੋਕ ਬੁਰੀ ਤਰ੍ਹਾਂ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਮੁਤਾਬਕ ਮੰਤਰੀਆਂ ਦੇ ਕਾਫ਼ਲਿਆਂ ਨੂੰ ਘਟਾਏ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੁਸਤ-ਦਰੁਸਤ ਕਰੇ ਤਾਂ ਜੋ ਥਾਣਿਆਂ ਅਤੇ ਦਫ਼ਤਰਾਂ ਵਿੱਚ ਆਮ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਦੇ ਹੋ ਸਕਣ।
ਇਸ ਮੌਕੇ ਨਰੇਸ਼ ਸ਼ਰਮਾ, ਸੂਰਜ ਭਾਨ ਢੱਡਰੀਆਂ, ਐਡਵੋਕੇਟ ਅਜੇਵੀਰ ਸਿੰਘ ਚਹਿਲ, ਬਲਵਿੰਦਰ ਸਿੰਘ ਧਾਲੀਵਾਲ, ਸੁਖਦੀਪ ਸਿੰਘ ਸੋਨੀ, ਸੁਖਵਿੰਦਰ ਸਿੰਘ ਪੰਚ, ਬਲਜੀਤ ਸ਼ਰਮਾ, ਨਰਿੰਦਰ ਪਾਲ ਸਿੰਘ ਢੀਂਡਸਾ, ਮਨਦੀਪ ਸਿੰਘ ਮਨੀ ਹਾਜ਼ਰ ਸਨ।