ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : 'ਦੇਸ਼ ਅੰਦਰ ਕੋਵਿਡ-19 ਕਾਰਨ ਜੇਕਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟੀਆਂ ਗਈਆਂ ਹਨ ਤਾਂ ਅਜਿਹੀ ਮੁਸੀਬਤ 'ਚ ਸਾਰਿਆਂ ਨੂੰ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੁਸਬੀਤ 'ਚ ਤਨਖ਼ਾਹ ਤਾਂ ਮੇਰੀ ਵੀ ਕੁੱਟੀ ਗਈ ਹੈ।' ਇਹ ਪ੍ਰਗਟਾਵਾ ਟਰਾਂਸਪੋਰਟ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜ਼ੀਆ ਸੁਲਤਾਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 'ਪੰਜਾਬ ਸਮਾਰਟ ਕੁਨੈਕਟ ਸਕੀਮ' ਤਹਿਤ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚੋਣ ਮੈਨੀਫੈਸਟੋ 'ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹੋਲੀ-ਹੋਲੀ ਪੂਰਾ ਕੀਤਾ ਜਾਵੇਗਾ।

ਇਸ ਤਹਿਤ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ 'ਪੰਜਾਬ ਸਮਾਰਟ ਕੁਨੈਕਟ' ਸਕੀਮ ਤਹਿਤ ਸ਼ੁਰੂਆਤ 'ਚ ਸੂਬੇ ਦੇ ਬਾਰ੍ਹਵੀਂ ਜਮਾਤ ਦੇ ਕਰੀਬ 1,74,015 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ। ਸੂਬੇ ਭਰ 'ਚ ਮੋਬਾਈਲ ਫੋਨਾਂ ਦੀ ਵੰਡ ਨਵੰਬਰ 2020 ਤਕ ਮੁਕੰਮਲ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਜੇਕਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟੀਆਂ ਗਈਆਂ ਹਨ ਤਾਂ ਮਾਹੌਲ ਠੀਕ ਹੁੰਦਿਆਂ ਹੀ ਉਨ੍ਹਾਂ ਦੀਆਂ ਤਨਖ਼ਾਹਾਂ ਦੇ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰ-ਘਰ ਨੌਕਰੀ ਦਾ ਵਾਅਦਾ ਰੁਜ਼ਗਾਰ ਮੇਲਿਆਂ ਰਾਹੀਂ ਪੂਰਾ ਕੀਤਾ ਗਿਆ ਹੈ ਤੇ ਅੱਗੇ ਵੀ ਅਜਿਹੇ ਰੁਜ਼ਗਾਰ ਮੇਲੇ ਲਾਏ ਜਾਣਗੇ।

ਇਸ ਮੌਕੇ ਕਾਂਗਰਸੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜ) ਆਦਿਤਿਆ ਡੇਚਲਵਾਲ, ਸਹਾਇਕ ਕਮਿਸ਼ਨਰ ਅਸ਼ੋਕ ਕੁਮਾਰ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਤੇ ਰਾਜੀਵ ਲੂਬੀ ਆਦਿ ਵੀ ਹਾਜ਼ਰ ਸਨ।