ਸੂਬੇ ’ਚ ਅਮਨ-ਕਾਨੂੰਨ ਦੀ ਬਹਾਲੀ ਯਕੀਨੀ ਬਣਾਈ ਜਾਵੇ: ਵਿਜੈਇੰਦਰ ਸਿੰਗਲਾ ਸੂਬੇ ’ਚ ਅਮਨ-ਕਾਨੂੰਨ ਦੀ ਬਹਾਲੀ ਯਕੀਨੀ ਬਣਾਈ ਜਾਵੇ: ਵਿਜੈਇੰਦਰ ਸਿੰਗਲਾ
Publish Date: Sun, 01 Nov 2026 05:32 PM (IST)
Updated Date: Sun, 01 Nov 2026 05:35 PM (IST)
ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੈ ਇੰਦਰ ਸਿੰਗਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਤੁਰੰਤ ਸੁਧਾਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪੰਜਾਬ ਦੇ ਲੋਕਾਂ ਨੂੰ ਡਰ ਅਤੇ ਅਸੁਰੱਖਿਆ ਦੇ ਮਾਹੌਲ ਤੋਂ ਮੁਕਤ ਹੋ ਕੇ ਜਿਊਣ ਦਾ ਹੱਕ ਹੈ। ਸਿੰਗਲਾ ਨੇ ਸੂਬੇ ਵਿੱਚ ਹੋ ਰਹੀਆਂ ਹੱਤਿਆਵਾਂ, ਨਸ਼ਿਆਂ ਕਾਰਨ ਜਾ ਰਹੀਆਂ ਜਾਨਾਂ ਅਤੇ ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਗੰਭੀਰ ਚਿੰਤਾ ਪ੍ਰਗਟਾਈ। ਗੁਲਜ਼ਾਰ ਸਿੰਘ ਅਤੇ ਨਸ਼ਿਆਂ ਵਿਰੁੱਧ ਸਰਗਰਮ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਸ਼ਿਆਂ ਵਿਰੁੱਧ ਬੋਲਣ ਵਾਲੇ ਹੀ ਸੁਰੱਖਿਅਤ ਨਹੀਂ, ਤਾਂ ਸਰਕਾਰ ਸਾਡੇ ਬੱਚਿਆਂ ਦੇ ਭਵਿੱਖ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਿਵੇਂ ਕਰੇਗੀ? ਸਿੰਗਲਾ ਨੇ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ, ਪੈਨਸ਼ਨਾਂ ਵਿੱਚ ਵਾਧੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਰੁਜ਼ਗਾਰ ਦੇ ਵਾਅਦਿਆਂ ਬਾਰੇ ਸਰਕਾਰ ਤੋਂ ਜਵਾਬ ਮੰਗਿਆ। ਉਨ੍ਹਾਂ ਸ਼ਗਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਹਾਇਤਾ ਦੇਣ ਅਤੇ ਮੁਲਾਜ਼ਮਾਂ ਦੇ ਬਕਾਏ ਨਿਪਟਾਉਣ ਵਿੱਚ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਚੋਣਾਂ ਵੇਲੇ ਕੀਤੇ ਵਾਅਦੇ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹਿਣੇ ਚਾਹੀਦੇ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਤਬਦੀਲੀ ਲਿਆਉਣੀ ਚਾਹੀਦੀ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਭੂਮਿਕਾ ’ਤੇ ਸਵਾਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਵੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ, ਨਾ ਕਿ ਨਾਕਾਮੀਆਂ ਦਾ ਠੀਕਰਾ ਇੱਕ-ਦੂਜੇ ਸਿਰ ਭੰਨ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੀਦਾ ਹੈ। 4 ਨਵੰਬਰ ਨੂੰ ਹੋਣ ਵਾਲੀ ਇਨਸਾਫ਼ ਰੈਲੀ ਬਾਰੇ ਗੱਲ ਕਰਦਿਆਂ ਸਿੰਗਲਾ ਨੇ ਦੱਸਿਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਵੇਰੇ 10 ਵਜੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੇ ਨਸ਼ਿਆਂ, ਅਮਨ-ਕਾਨੂੰਨ, ਬੇਰੁਜ਼ਗਾਰੀ ਅਤੇ ਪ੍ਰਸ਼ਾਸਨ ਨਾਲ ਜੁੜੇ ਗੰਭੀਰ ਮੁੱਦਿਆਂ ਨੂੰ ਲੋਕਾਂ ਦੀ ਆਵਾਜ਼ ਬਣ ਕੇ ਉਭਾਰੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਮੁਹਿੰਮ ਦਾ ਆਗਾਜ਼ ਵੀ ਹੋਵੇਗੀ।