
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਧਦੀ ਮਹਿੰਗਾਈ ਨੇ ਗਰੀਬਾਂ ਦਾ ਲੱਕ ਤੋੜਿਆ: ਗੁਰਮੇਲ ਸਿੰਘ ਮੌੜ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਕਾਂਗਰਸ ਪਾਰਟੀ ਦੇ ਐੱਸਸੀ ਵਿਭਾਗ ਦੇ ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ, ਖ਼ਾਸ ਕਰਕੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਘਰੇਲੂ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਰਸੋਈ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ ਅਤੇ ਇਲਾਜ ਤੱਕ ਹਰ ਖ਼ਰਚਾ ਆਮ ਪਰਿਵਾਰ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ, ਘਰੇਲੂ ਵਰਤੋਂ ਦੀਆਂ ਚੀਜ਼ਾਂ ਅਤੇ ਹੋਰ ਜ਼ਰੂਰੀ ਸਾਮਾਨ ਛੂ ਰਹੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਖ਼ਰਚੇ ਪੂਰੇ ਕਰਨ ਲਈ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌੜ ਨੇ ਦੋਸ਼ ਲਾਇਆ ਕਿ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਦਿਹਾੜੀਦਾਰ ਮਜ਼ਦੂਰਾਂ, ਛੋਟੇ ਦੁਕਾਨਦਾਰਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ’ਤੇ ਪੈ ਰਿਹਾ ਹੈ।
ਗੁਰਮੇਲ ਸਿੰਘ ਮੌੜ ਨੇ ਪੰਜਾਬ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਆਸੀ ਦਾਅਵਿਆਂ ਦੀ ਬਜਾਏ ਮਹਿੰਗਾਈ, ਬੇਰੁਜ਼ਗਾਰੀ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਮੰਗ ਕੀਤੀ ਕਿ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਅਤੇ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਰਾਹਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮਹਿੰਗਾਈ ’ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਗੰਭੀਰ ਹੋ ਸਕਦੀਆਂ ਹਨ।