ਆਸ਼ਾ ਵਰਕਰਾਂ ਦੀ ਹੜਤਾਲ ਮਗਰੋਂ ਦੋ ਦਿਨ ਲਈ ਕੰਮ ਮੁੜ ਸ਼ੁਰੂ
ਆਸ਼ਾ ਵਰਕਰਾਂ ਦੀ ਹੜਤਾਲ ਮਗਰੋਂ ਦੋ ਦਿਨ ਲਈ ਕੰਮ ਮੁੜ ਸ਼ੁਰੂ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ
Publish Date: Thu, 19 Mar 2026 04:22 PM (IST)
Updated Date: Fri, 20 Mar 2026 04:02 AM (IST)

ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਆਸ਼ਾ ਵਰਕਰਾਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਦੌਰਾਨ ਸਿਹਤ ਸੇਵਾਵਾਂ ਉੱਤੇ ਵੱਡਾ ਅਸਰ ਪਿਆ ਤੇ ਖ਼ਾਸ ਕਰਕੇ 10 ਲੱਖ ਰੁਪਏ ਤਕ ਦੇ ਇਲਾਜ ਵਾਲੇ ਕਾਰਡ” ਬਣਾਉਣ ਦਾ ਕੰਮ ਵੀ ਪੂਰੀ ਤਰ੍ਹਾਂ ਠੱਪ ਰਿਹਾ। ਅੱਜ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਆਸ਼ਾ ਵਰਕਰਾਂ ਨੇ ਫਿਲਹਾਲ ਦੋ ਦਿਨ ਲਈ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਪਰ ਨਾਲ ਹੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਆਸ਼ਾ ਵਰਕਰਾਂ ਸਿਮਰਜੀਤ ਕੌਰ, ਸਵਰਨਜੀਤ ਕੌਰ, ਹਰਬੰਸ ਕੌਰ, ਜਸਵਿੰਦਰ ਕੌਰ, ਅੰਮ੍ਰਿਤਪਾਲ ਕੌਰ ਤੇ ਮਨਜੀਤ ਕੌਰ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਮੰਗ ਕੀਤੀ ਗਈ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਮਜ਼ਦੂਰੀ ਕਾਨੂੰਨ ਦੇ ਤਹਿਤ ਨਿਯਮਿਤ ਕਰ ਕੇ ਪੱਕੀ ਨੌਕਰੀ ਦਿੱਤੀ ਜਾਵੇ ਤੇ ਮਹੀਨਾਵਾਰ ਘੱਟੋ-ਘੱਟ 18,000 ਰੁਪਏ ਤਨਖਾਹ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੀਮਾਂ ਤਹਿਤ ਦਿੱਤੇ ਜਾਣ ਵਾਲੇ ਇਨਸੈਂਟਿਵ ’ਚ ਵਾਧਾ ਕੀਤਾ ਜਾਵੇ ਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਜਾਵੇ, ਰਿਟਾਇਰਮੈਂਟ ਉਪਰੰਤ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ ਤੇ ਆਸ਼ਾ ਵਰਕਰਾਂ ਨੂੰ ਈਐੰਸਆਈ, ਪੀਐੰਫ ਤੇ ਬੀਮਾ ਵਰਗੀਆਂ ਸਮਾਜਿਕ ਸੁਰੱਖਿਆ ਸਹੂਲਤਾਂ ਦਿੱਤੀਆਂ ਜਾਣ। ਇਸ ਤੋਂ ਇਲਾਵਾ ਕੰਮ ਦੌਰਾਨ ਹੋਣ ਵਾਲੇ ਹਾਦਸਿਆਂ ਜਾਂ ਮੌਤ ਦੀ ਸੂਰਤ ’ਚ ਯੋਗ ਮੁਆਵਜ਼ਾ ਦਿੱਤਾ ਜਾਵੇ, ਡਿਊਟੀ ਦੇ ਘੰਟਿਆਂ ਦੀ ਸੀਮਾ ਨਿਰਧਾਰਤ ਕਰਕੇ ਕੰਮ ਦਾ ਬੋਝ ਘਟਾਇਆ ਜਾਵੇ ਤੇ ਮੋਬਾਈਲ ਤੇ ਆਨਲਾਈਨ ਕੰਮ ਲਈ ਹੋਣ ਵਾਲੇ ਖਰਚੇ ਵੱਖਰੇ ਤੌਰ ’ਤੇ ਦਿੱਤੇ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਗਰਭਵਤੀ ਤੇ ਬਿਮਾਰ ਆਸ਼ਾ ਵਰਕਰਾਂ ਲਈ ਯੋਗ ਛੁੱਟੀਆਂ ਤੇ ਮੈਡੀਕਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ ਅਤੇ ਸਿਹਤ ਵਿਭਾਗ ’ਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਆਸ਼ਾ ਵਰਕਰਾਂ ਨੇ ਕਿਹਾ ਕਿ ਉਹ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ ਅਤੇ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।