ਆਰਟੀਓ ਨੇ ਵਾਹਨਾਂ ਦੀ ਕੀਤੀ ਵਿਸ਼ੇਸ਼ ਚੈਕਿੰਗ
ਸੜਕ ਸੁਰੱਖਿਆ ਮਹੀਨਾ: ਆਰ.ਟੀ.ਓ. ਬਰਨਾਲਾ ਵੱਲੋਂ ਵਾਹਨਾਂ ਦੀ ਵਿਸ਼ੇਸ਼ ਚੈਕਿੰਗ
Publish Date: Thu, 29 Jan 2026 07:16 PM (IST)
Updated Date: Fri, 30 Jan 2026 04:11 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿਚ ਜ਼ਿਲ੍ਹਾ ਬਰਨਾਲਾ ਵਿਚ ਚੈਕਿੰਗ ਤੇ ਜਾਗਰੂਕਤਾ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਤਹਿਤ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਪੀਸੀਐੱਸ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸੜਕਾਂ ’ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਖ਼ਾਸ ਤੌਰ ’ਤੇ ਸਕੂਲੀ ਵਾਹਨਾਂ ਦੀ ਸੁਰੱਖਿਆ ਨੂੰ ਮੁੱਖ ਰੱਖਿਆ ਗਿਆ। ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 3 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਅਟਵਾਲ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਜੋ ਵੀ ਵਾਹਨ ਨਿਯਮਾਂ ਦੀ ਪਾਲਣਾ ਨਹੀਂ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ, ਸੜਕ ਸੁਰੱਖਿਆ ਮਹੀਨੇ ਦੇ ਤਹਿਤ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਜਸ਼ਨਜੋਤ ਸਿੰਘ ਸਿੱਧੂ ਵੱਲੋਂ ਟਰੱਕ ਯੂਨੀਅਨ ਤਪਾ ਵਿਖੇ ਇਕ ਵਿਸ਼ੇਸ਼ ਸੜਕ ਸੁਰੱਖਿਆ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਟਰੱਕ ਡਰਾਈਵਰਾਂ ਤੇ ਆਪ੍ਰੇਟਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਨਸ਼ੇ ਦੀ ਹਾਲਤ ਵਿੱਚ ਗੱਡੀ ਨਾ ਚਲਾਉਣ ਅਤੇ ਧੁੰਦ ਦੇ ਮੌਸਮ ਵਿੱਚ ਵਿਸ਼ੇਸ਼ ਸਾਵਧਾਨੀਆਂ ਵਰਤਣ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਾਹਨ ਚਾਲਕਾਂ ਨੂੰ ਸੜਕੀ ਸੁਰੱਖਿਆ ਸਬੰਧੀ ਪੈਂਫਲੇਟ ਵੀ ਵੰਡੇ।