ਕੇਂਦਰ ਨੇ ਆੜ੍ਹਤੀਆਂ ਦੇ ਕਮਿਸ਼ਨ ’ਚ ਵਾਧਾ ਕਰ ਕੇ ਵੱਡੀ ਰਾਹਤ ਦਿੱਤੀ : ਜਿੰਦਲ
ਕੇਂਦਰ ਨੇ ਆੜ੍ਹਤੀਆਂ ਦੇ ਕਮਿਸ਼ਨ 'ਚ ਵਾਧਾ ਕਰਕੇ ਵੱਡੀ ਰਾਹਤ ਦਿੱਤੀ – ਜਿੰਦਲ
Publish Date: Wed, 18 Mar 2026 03:53 PM (IST)
Updated Date: Wed, 18 Mar 2026 03:55 PM (IST)
ਸੰਗਰੂਰ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸਰਜੀਵਨ ਜਿੰਦਲ ਨੇ ਕੇਂਦਰ ਸਰਕਾਰ ਵੱਲੋਂ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਕੀਤੇ ਵਾਧੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਹਾੜੀ ਅਤੇ ਸਾਉਣੀ ਦੀਆਂ ਫ਼ਸਲਾਂ ਦੇ ਕਮਿਸ਼ਨ ਵਿੱਚ ਵਾਧਾ ਕਰ ਕੇ ਆੜ੍ਹਤੀ ਭਾਈਚਾਰੇ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਮੰਡੀਕਰਨ ਦੇ ਕੰਮ ਵਿੱਚ ਲੱਗੇ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਜਾਰੀ ਹੋਏ ਨਵੇਂ ਨਿਯਮਾਂ ਅਨੁਸਾਰ, ਪੰਜਾਬ ਅਤੇ ਹਰਿਆਣਾ ਵਿੱਚ ਕਣਕ ਦੀ ਖ਼ਰੀਦ ’ਤੇ ਆੜ੍ਹਤੀਆਂ ਦਾ ਕਮਿਸ਼ਨ 46.00 ਰੁਪਏ ਤੋਂ ਵਧਾ ਕੇ 50.75 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਝੋਨੇ ਦੀ ਖ਼ਰੀਦ ’ਤੇ ਕਮਿਸ਼ਨ ਦੀ ਦਰ 45.88 ਰੁਪਏ ਤੋਂ ਵਧਾ ਕੇ 50.61 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਗਈ ਹੈ। ਇਹ ਨਵੀਆਂ ਦਰਾਂ ਆਉਣ ਵਾਲੇ ਹਾੜੀ ਮਾਰਕੀਟਿੰਗ ਸੀਜ਼ਨ 2026-27 ਤੋਂ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਦੇ ਕਮਿਸ਼ਨ ਵਿੱਚ ਵੀ ਵਾਧਾ ਕੀਤਾ ਗਿਆ ਹੈ। ਕਣਕ ਦੀ ਖ਼ਰੀਦ ਲਈ ਸਹਿਕਾਰੀ ਸਭਾਵਾਂ ਦਾ ਕਮਿਸ਼ਨ 27.00 ਰੁਪਏ ਤੋਂ ਵਧਾ ਕੇ 29.79 ਰੁਪਏ ਅਤੇ ਝੋਨੇ ਲਈ 32.00 ਰੁਪਏ ਤੋਂ ਵਧਾ ਕੇ 35.30 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਵੱਖ-ਵੱਖ ਰਾਜਾਂ ਦੀਆਂ ਮੰਗਾਂ ਅਤੇ ਐੱਫਸੀਆਈ ਤੇ ਖ਼ੁਰਾਕ ਵਿਭਾਗ ਦੇ ਨੁਮਾਇੰਦਿਆਂ ਵਾਲੀ ਉਪ-ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸੋਧ ਦਾ ਮੁੱਖ ਉਦੇਸ਼ ਸਰਕਾਰੀ ਖ਼ਰੀਦ ਪ੍ਰਣਾਲੀ ਨੂੰ ਹੋਰ ਵਧੇਰੇ ਕੁਸ਼ਲ ਬਣਾਉਣਾ ਅਤੇ ਖ਼ਰੀਦ ਕਾਰਜਾਂ ਵਿੱਚ ਸਹਿਯੋਗ ਦੇਣ ਵਾਲੀਆਂ ਏਜੰਸੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਆਧੁਨਿਕ ਸਾਈਲੋਜ਼ ਵਿੱਚ ਹੋਣ ਵਾਲੀ ਖ਼ਰੀਦ ’ਤੇ ਮੰਡੀਆਂ ਦੀ ਨਿਰਧਾਰਤ ਦਰ ਦਾ 50 ਫੀਸਦੀ ਕਮਿਸ਼ਨ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਹਾੜੀ ਦੀਆਂ ਫ਼ਸਲਾਂ ਦੀ ਆਮਦ ਸ਼ੁਰੂ ਹੋਣ ਦੇ ਮੌਕੇ ’ਤੇ ਲਿਆ ਗਿਆ ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਜੋਗੀ ਰਾਮ ਸਾਹਨੀ, ਅਮਨਦੀਪ ਸਿੰਘ ਪੂਨੀਆ, ਭਗਵੰਤ ਸਿੰਘ. ਮੰਡਲ ਪ੍ਰਧਾਨ ਰੋਮੀ ਗੋਇਲ, ਸਚਿਨ ਭਾਰਦਵਾਜ, ਸੰਜੀਵ ਕੁਮਾਰ, ਆਵਾ ਸਿੰਘ. ਰਜਿੰਦਰ ਸਿੰਘ ਆਦਿ ਹਾਜ਼ਰ ਸਨ।