- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਦੇ ਹਰਮਨ ਪਿਆਰੇ ਸਾਹਿਤਕਾਰ ਮੋਹਨ ਸ਼ਰਮਾ ਸਾਡੇ ਵਿਚਕਾਰ ਨਹੀਂ ਰਹੇ। ਕੁੱਝ ਦਿਨ ਪਹਿਲਾਂ ਹੋਈ ਇੱਕ ਸੜਕ ਦੁਰਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਅਮਰ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬੀ ਦੇ ਹਰਮਨ ਪਿਆਰੇ ਸਾਹਿਤਕਾਰ ਮੋਹਨ ਸ਼ਰਮਾ ਸਾਡੇ ਵਿਚਕਾਰ ਨਹੀਂ ਰਹੇ। ਕੁੱਝ ਦਿਨ ਪਹਿਲਾਂ ਹੋਈ ਇੱਕ ਸੜਕ ਦੁਰਘਟਨਾ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਅਮਰ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਮੋਹਨ ਸ਼ਰਮਾ ਨੇ ਡੇਢ ਦਰਜਨ ਦੇ ਕਰੀਬ ਪੁਸਤਕਾਂ ਦੀ ਸਿਰਜਣਾ ਕਰ ਕੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਵਿੱਚ ਵਡਮੁੱਲਾ ਯੋਗਦਾਨ ਪਾਇਆ। ਅੱਜ ਬਾਅਦ ਦੁਪਹਿਰ ਕਿਸ਼ਨਪੁਰਾ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੀ ਦੇਹ ਦਾ ਸਸਕਾਰ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਮਿੱਤਰਾਂ-ਪਿਆਰਿਆਂ, ਵਕੀਲਾਂ ਅਤੇ ਵਪਾਰੀਆਂ ਤੋਂ ਇਲਾਵਾ ਪਵਨ ਹਰਚੰਦਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਕਰਮ ਸਿੰਘ ਜ਼ਖ਼ਮੀ, ਪਵਨ ਕੁਮਾਰ ਹੋਸ਼ੀ, ਸੁਰਜੀਤ ਸਿੰਘ ਮੌਜੀ, ਡਾ. ਭਗਵੰਤ ਸਿੰਘ, ਡਾ. ਨਰਵਿੰਦਰ ਸਿੰਘ ਕੌਸ਼ਲ, ਸੁਖਵਿੰਦਰ ਸਿੰਘ ਫੁੱਲ, ਦਲਬਾਰ ਸਿੰਘ, ਬਲਵੰਤ ਸਿੰਘ ਜੋਗਾ, ਕੁਲਵੰਤ ਕਸਕ, ਸੁਰਿੰਦਰਪਾਲ ਸਿੰਘ ਸਿਦਕੀ, ਪ੍ਰੋ. ਨਰਿੰਦਰ ਸਿੰਘ, ਦੇਵਿੰਦਰ ਪਟਿਆਲਵੀ, ਧਰਮੀ ਤੁੰਗਾਂ ਅਤੇ ਜੀਤ ਹਰਜੀਤ ਆਦਿ ਸਾਹਿਤਕਾਰ ਸ਼ਾਮਲ ਹੋਏ। ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਪ੍ਰੈੱਸ ਸਕੱਤਰ ਪਵਨ ਕੁਮਾਰ ਹੋਸ਼ੀ ਨੇ ਦੱਸਿਆ ਕਿ ਸਸਕਾਰ ਤੋਂ ਬਾਅਦ ਲੇਖਕ ਭਵਨ ਸੰਗਰੂਰ ਵਿਖੇ ਸ਼ੋਕ ਸਭਾ ਵੀ ਹੋਈ, ਜਿਸ ਵਿੱਚ ਮੋਹਨ ਸ਼ਰਮਾ ਜੀ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਸੰਗਰੂਰ ਸ਼ਹਿਰ ਦੀ ਇਸ ਬੇਹੱਦ ਸਤਿਕਾਰਯੋਗ ਸ਼ਖ਼ਸੀਅਤ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਮੋਹਨ ਸ਼ਰਮਾ ਜੀ ਆਪਣੇ ਜੀਵਨ ਦੇ ਅੰਤਿਮ ਸਾਹ ਤੱਕ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਭਰਪੂਰ ਯਤਨ ਕਰਦੇ ਰਹੇ। ਉਨ੍ਹਾਂ ਨੇ ਕਿਹਾ ਕਿ ਮੋਹਨ ਸ਼ਰਮਾ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਸੰਗਰੂਰ ਸ਼ਹਿਰ ਦੇ ਸਮੂਹ ਸਾਹਿਤਕਾਰ ਇੱਕਮੁੱਠ ਹੋ ਕੇ ਮਾਂ-ਬੋਲੀ ਪੰਜਾਬੀ ਦੀ ਪ੍ਰਫੁੱਲਤਾ ਲਈ ਕੰਮ ਕਰਨ ਕਿਉਂਕਿ ਉਹ ਹਮੇਸ਼ਾ ਹੀ ਇਸ ਕਾਰਜ ਲਈ ਯਤਨਸ਼ੀਲ ਰਹੇ ਹਨ।